ਫਗਵਾੜਾ 10 ਜੁਲਾਈ (ਸ਼ਿਵ ਕੌੜਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ਦੀ ਪ੍ਰਕਿਰਿਆ ’ਤੇ ਗੰਭੀਰ ਸਵਾਲ ਉਠਾਉਂਦੇ ਹੋਏ ਦੋਸ਼ ਲਗਾਇਆ ਹੈ ਕਿ ਯੋਜਨਾ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕਰਨ ਦੀ ਬਜਾਏ ਸੱਤਾਧਾਰੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਇਸ ਨੂੰ ਸਿਆਸੀ ਪ੍ਰਭਾਵ ਹੇਠ ਚਲਾਇਆ ਜਾ ਰਿਹਾ ਹੈ। ਪਾਹਵਾ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਲਗਾਤਾਰ ਅਜਿਹੀਆਂ ਸ਼ਿਕਾਇਤਾਂ ਪਹੁੰਚ ਰਹੀਆਂ ਹਨ ਕਿ ਫਾਰਮ ਭਰਨ ਦੌਰਾਨ ਆਮ ਲੋਕਾਂ ਦੀ ਬਜਾਏ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਜਦਕਿ ਹੋਰਨਾਂ ਯੋਗ ਲਾਭਪਾਤਰੀਆਂ ਨੂੰ ਕਈ-ਕਈ ਘੰਟੇ ਜਾਂ ਦਿਨਾਂ ਤਾਂਈ ਉਡੀਕ ਕਰਨੀ ਪੈਂਦੀ ਹੈ, ਜਦਕਿ ਪਾਰਟੀ ਨਾਲ ਸੰਬੰਧਿਤ ਲੋਕਾਂ ਦੇ ਕੰਮ ਪਹਿਲਾਂ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਭਲਾਈ ਯੋਜਨਾਵਾਂ ਕਿਸੇ ਇੱਕ ਪਾਰਟੀ ਦੀ ਜਾਇਦਾਦ ਨਹੀਂ ਹੁੰਦੀਆਂ, ਸਗੋਂ ਹਰ ਯੋਗ ਨਾਗਰਿਕ ਦਾ ਹੱਕ ਹੁੰਦੀਆਂ ਹਨ। ਜੇਕਰ ਕਿਸੇ ਵੀ ਯੋਜਨਾ ਦਾ ਲਾਭ ਸਿਆਸੀ ਪੱਖਪਾਤ ਦੇ ਆਧਾਰ ’ਤੇ ਦਿੱਤਾ ਜਾਂਦਾ ਹੈ ਤਾਂ ਇਹ ਲੋਕਤੰਤਰ ਅਤੇ ਚੰਗੇ ਸ਼ਾਸਨ ਦੀ ਭਾਵਨਾ ਦੇ ਉਲਟ ਹੈ। ਹਰਜੋਤ ਸਿੰਘ ਪਾਹਵਾ ਨੇ ਦੋਸ਼ ਲਗਾਇਆ ਕਿ ਫਾਰਮ ਭਰਨ ਲਈ ਪਹੁੰਚ ਰਹੀਆਂ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਕਈ ਥਾਵਾਂ ’ਤੇ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਵਹਾਰ ਕਾਰਨ ਆਮ ਲੋਕ ਮਾਨਸਿਕ ਤਣਾਅ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਦੀ ਨੀਅਤ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਪਾਹਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੋਜਨਾ ਦੇ ਫਾਰਮ ਭਰਨ ਦੀ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਭੇਦਭਾਵ-ਰਹਿਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਯੋਗ ਮਹਿਲਾ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਸਿਫ਼ਾਰਸ਼ ਦੇ ਯੋਜਨਾ ਦਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਥਿਤ ਪੱਖਪਾਤ ਅਤੇ ਲੋਕਾਂ ਦੀ ਖੱਜਲ-ਖੁਆਰੀ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਲੋਕਾਂ ਦੀ ਆਵਾਜ਼ ਬਣ ਕੇ ਲੋਕਤੰਤਰੀ ਢੰਗ ਨਾਲ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਏਗਾ।