Sliderपंजाब

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਜਲੰਧਰ ਨੂੰ ਮਿਲਿਆ ਅੰਤਰਰਾਸ਼ਟਰੀ ਖੇਡ ਮੰਚ: ਨਿਤਿਨ ਕੋਹਲੀ

ਹਾਕੀ ਇੰਡੀਆ ਦੇ ਵਾਈਸ ਪ੍ਰੈਜ਼ੀਡੈਂਟ, ਹਾਕੀ ਪੰਜਾਬ ਦੇ ਪ੍ਰੈਜ਼ੀਡੈਂਟ ਨਿਤਿਨ ਕੋਹਲੀ ਨੇ ਬਰਲਟਨ ਪਾਰਕ ਸਟੇਡੀਅਮ ਦਾ ਦੌਰਾ ਕਰਕੇ ਏਸ਼ੀਅਨ ਕੱਪ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਜਲੰਧਰ, 10 ਅਕਤੂਬਰ 2026: ਹਾਕੀ ਇੰਡੀਆ ਦੇ ਵਾਈਸ ਪ੍ਰੈਜ਼ੀਡੈਂਟ, ਹਾਕੀ ਪੰਜਾਬ ਦੇ ਪ੍ਰੈਜ਼ੀਡੈਂਟ ਨਿਤਿਨ ਕੋਹਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਨਕਸ਼ੇ ’ਤੇ ਹੋਰ ਮਜ਼ਬੂਤ ਪਛਾਣ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਵਾਸਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਵਚਨਬੱਧਤਾ ਅਤੇ ਯਤਨਾਂ ਸਦਕਾ ਜਲੰਧਰ ਨੂੰ ਵੱਕਾਰੀ ਏਸ਼ੀਅਨ ਕੱਪ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਮੌਕਾ ਮਿਲ ਰਿਹਾ ਹੈ, ਜੋ ਸ਼ਹਿਰ ਅਤੇ ਪੰਜਾਬ ਦੀ ਸ਼ਾਨਦਾਰ ਹਾਕੀ ਵਿਰਾਸਤ ਲਈ ਮਾਣ ਵਾਲੀ ਗੱਲ ਹੈ।

ਨਿਤਿਨ ਕੋਹਲੀ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਦਾ ਦੌਰਾ ਕਰਕੇ ਬਰਲਟਨ ਪਾਰਕ ਸਟੇਡੀਅਮ ਵਿੱਚ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਖੁਦ ਮੌਕੇ ’ਤੇ ਪਹੁੰਚਣਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਉੱਚ ਪੱਧਰ ’ਤੇ ਕਰਵਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦਾ ਆਯੋਜਨ ਸ਼ਹਿਰ ਲਈ ਮਾਣ ਵਾਲਾ ਇਤਿਹਾਸਕ ਮੌਕਾ ਹੈ। ਜਲੰਧਰ ਦਾ ਹਾਕੀ ਨਾਲ ਡੂੰਘਾ ਸਬੰਧ ਰਿਹਾ ਹੈ ਅਤੇ ਪੰਜਾਬ ਨੇ ਦੇਸ਼ ਨੂੰ ਕਈ ਮਹਾਨ ਹਾਕੀ ਖਿਡਾਰੀ ਦਿੱਤੇ ਹਨ। ਇਹ ਟੂਰਨਾਮੈਂਟ ਪੰਜਾਬ ਦੀ ਹਾਕੀ ਵਿਰਾਸਤ ਨੂੰ ਵਿਸ਼ਵ ਪੱਧਰ ’ਤੇ ਉਭਾਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।

ਨਿਤਿਨ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਟੇਡੀਅਮ ਵਿੱਚ ਨਵੇਂ ਲਗਾਏ ਗਏ ਲਾਈਟਿੰਗ ਸਿਸਟਮ, ਸਕੋਰਬੋਰਡ ਅਤੇ ਚੱਲ ਰਹੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਸਹੂਲਤਾਂ ਦੀ ਪੂਰੀ ਜਾਂਚ ਯਕੀਨੀ ਬਣਾਈ ਜਾਵੇ।

ਦਰਸ਼ਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੁਰੱਖਿਆ ਪ੍ਰਬੰਧਾਂ, ਭੀੜ ਦੇ ਸੁਚੱਜੇ ਪ੍ਰਬੰਧਨ, ਸਟੇਡੀਅਮ ਵਿੱਚ ਆਉਣ-ਜਾਣ ਲਈ ਸੁਚਾਰੂ ਪ੍ਰਬੰਧਾਂ ਅਤੇ ਆਵਾਜਾਈ ਦੀਆਂ ਸਹੂਲਤਾਂ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ। ਅੰਤਰਰਾਸ਼ਟਰੀ ਟੀਮਾਂ ਦੇ ਖਿਡਾਰੀਆਂ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਵੀ ਇਸ ਅਹਿਮ ਆਯੋਜਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦਗਾਰ ਹੋਵੇਗਾ।

ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਨਿੱਜੀ ਦਿਲਚਸਪੀ ਅਤੇ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਨਾਲ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਹੋਵੇਗਾ ਅਤੇ ਖਿਡਾਰੀਆਂ, ਅਧਿਕਾਰੀਆਂ ਤੇ ਹਾਕੀ ਪ੍ਰੇਮੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ।

ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਅੰਤਰਰਾਸ਼ਟਰੀ ਖੇਡ ਸਮਾਗਮ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਵਾਸਤੇ ਦਿਲੋਂ ਧੰਨਵਾਦ ਕਰਦਾ ਹਾਂ। ਬਰਲਟਨ ਪਾਰਕ ਸਟੇਡੀਅਮ ਦਾ ਦੌਰਾ ਕਰਕੇ ਤਿਆਰੀਆਂ ਦਾ ਖੁਦ ਜਾਇਜ਼ਾ ਲੈਣਾ ਹਾਕੀ ਅਤੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਏਸ਼ੀਅਨ ਕੱਪ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਜਲੰਧਰ ਲਈ ਮਾਣ ਵਾਲਾ ਪਲ ਹੈ ਅਤੇ ਇਹ ਪੰਜਾਬ ਦੀ ਖੇਡ ਵਿਰਾਸਤ ਨੂੰ ਅੰਤਰਰਾਸ਼ਟਰੀ ਮੰਚ ’ਤੇ ਪੇਸ਼ ਕਰਨ ਦਾ ਸੁਨਹਿਰੀ ਮੌਕਾ ਹੈ।”

ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਜਲੰਧਰ ਦੀ ਹਾਕੀ ਨਾਲ ਜੁੜੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾਏਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਸਾਰੇ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਇਹ ਟੂਰਨਾਮੈਂਟ ਸਫਲਤਾਪੂਰਵਕ ਕਰਵਾਇਆ ਜਾਵੇਗਾ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਟੀਮਾਂ ਤੇ ਦਰਸ਼ਕਾਂ ਲਈ ਯਾਦਗਾਰੀ ਤਜਰਬਾ ਸਾਬਤ ਹੋਵੇਗਾ।

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਦੀ ਅਗਵਾਈ ਲਈ ਮੁੜ ਧੰਨਵਾਦ ਕਰਦਿਆਂ ਕਿਹਾ ਕਿ ਏਸ਼ੀਅਨ ਕੱਪ ਹਾਕੀ ਟੂਰਨਾਮੈਂਟ ਪੰਜਾਬ ਦੀ ਸ਼ਾਨਦਾਰ ਹਾਕੀ ਵਿਰਾਸਤ ਦਾ ਜਸ਼ਨ ਮਨਾਉਣ ਅਤੇ ਸੂਬੇ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰਨ ਵੱਲ ਅਹਿਮ ਕਦਮ ਸਾਬਤ ਹੋਵੇਗਾ।

Related Articles

Back to top button