Sliderपंजाब

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ, ਸਫਾਈ ਸੇਵਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਸੁਣੀਆਂ

ਜਲੰਧਰ, 9 ਜੁਲਾਈ : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਸਫਾਈ ਸੇਵਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸਫਾਈ ਸੇਵਕਾਂ ਦੇ ਹੱਕਾਂ ਦੀ ਰਾਖੀ, ਭਲਾਈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਲਗਾਤਾਰ ਯਤਨਸ਼ੀਲ ਹੈ।

ਇਥੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਮੈਡੀਕਲ ਸੁਪਰਡੰਟ ਡਾ. ਨਮਿਤਾ ਘਈ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਸਫਾਈ ਸੇਵਕਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਨੂੰ ਆਪਣੇ ਫਰਜ਼ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹਨ ਅਤੇ ਹਸਪਤਾਲਾਂ ਵਿੱਚ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਬਣਾਈ ਰੱਖਣ ਵਿੱਚ ਉਨ੍ਹਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਣ ਹੈ।

ਚੇਅਰਮੈਨ ਨੇ ਹਸਪਤਾਲ ਵਿੱਚ ਬਿਹਤਰ ਸਫਾਈ ਵਿਵਸਥਾ ਯਕੀਨੀ ਬਣਾਉਣ ਲਈ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਮਰੱਥ ਅਥਾਰਟੀ ਤੋਂ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਕੇ ਹੋਰ ਸਫਾਈ ਸੇਵਕਾਂ ਦੀ ਭਰਤੀ ਲਈ ਯੋਗ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਸਫਾਈ ਪ੍ਰਬੰਧ ਹੋਰ ਪ੍ਰਭਾਵਸ਼ਾਲੀ ਹੋਣਗੇ।

ਇਸ ਤੋਂ ਇਲਾਵਾ ਉਨ੍ਹਾਂ ਸਫਾਈ ਸੇਵਕਾਂ ਨੂੰ ਵਾਧੂ ਸਮੇਂ ਦੌਰਾਨ ਕੀਤੇ ਕੰਮ ਦੇ ਏਵਜ ਵਿੱਚ ਨਿਯਮਾਂ ਅਨੁਸਾਰ ਬਣਦੀ ਛੁੱਟੀ ਅਤੇ ਹੋਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਸਫਾਈ ਸੇਵਕਾਂ ਨਾਲ ਜੁੜੇ ਹਰ ਮਸਲੇ ’ਤੇ ਨਿਰੰਤਰ ਨਿਗਰਾਨੀ ਰੱਖੇਗਾ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗਾ।

ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਕਲਾਸ ਫੋਰ ਯੂਨੀਅਨ ਸੁਭਾਸ਼ ਮੱਟੂ, ਜਨਰਲ ਸਕੱਤਰ ਡਿੰਪਲ ਰਹੇਲਾ, ਜਤਿੰਦਰ ਰੇਂਕ, ਸੰਦੀਪ ਸਲਾਕਾਰ, ਵਿਨੋਦ ਨਾਹਰ ਆਦਿ ਵੀ ਮੌਜੂਦ ਸਨ।

Related Articles

Back to top button