
ਜਲੰਧਰ, 22 ਅਗਸਤ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਅੱਜ ਇਥੇ ਏਕਤਾ ਨਗਰ ਚੁਗਿੱਟੀ ਵਿਖੇ ਕੈਂਪ ਲਾਇਆ ਗਿਆ, ਜਿਸ ਵਿੱਚ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੇ ਮਸਲੇ ਸੁਣ ਕੇ ਉਨ੍ਹਾਂ ਦੇ ਯੋਗ ਹੱਲ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਵਿਧਾਇਕ ਰਮਨ ਅਰੋੜਾ ਨੇ ਕੈਂਪ ਦੌਰਾਨ ਬਿਨੈਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਲਾਏ ਜਾ ਰਹੇ ਇਹ ਕੈਂਪ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿੰਦੇ ਹਨ ਤਾਂ ਜੋ ਲੋਕਾਂ ਦੇ ਮਸਲਿਆਂ ਬਾਬਤ ਮੌਕੇ ’ਤੇ ਹੀ ਫੈਸਲੇ ਲੈ ਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲ ਸਦਕਾ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਣ ਦੇ ਨਾਲ-ਨਾਲ ਪ੍ਰੇਸ਼ਾਨੀ ਵੀ ਘਟੀ ਹੈ।
ਵਿਧਾਇਕ ਨੇ ਲੋਕਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਕੈਂਪ ਲਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਮਾਲ ਵਿਭਾਗ, ਨਗਰ ਨਿਗਮ ਜਲੰਧਰ, ਕਿਰਤ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼, ਸੇਵਾ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਕਾਊਂਟਰ ਸਥਾਪਤ ਕੀਤੇ ਗਏ ਸਨ, ਜਿਥੇ ਸਬੰਧਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਪ੍ਰਾਪਤ ਦਰਖਾਸਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਇਸ ਦੌਰਾਨ ਬਿਨੈਕਾਰਾਂ ਨੂੰ ਵੱਖ-ਵੱਖ ਨਾਗਰਿਕ ਸੇਵਾਵਾਂ ਦੇ ਸਰਟੀਫਿਕੇਟ ਵੀ ਸੌਂਪੇ ਗਏ।
ਇਸ ਮੌਕੇ ਐਸ.ਡੀ.ਐਮ. ਜੈ ਇੰਦਰ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਪੁਨੀਤ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।