

ਜਲੰਧਰ, 14 ਅਕਤੂਬਰ : ਪੰਜਾਬ ਸਰਕਾਰ ਵਲੋਂ ਸੂਬੇ ਦੇ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜਲੰਧਰ ਨੂੰ 11 ਨਵੇਂ ਆਮ ਆਦਮੀ ਕਲੀਨਿਕਾਂ ਦਾ ਤੋਹਫਾ ਦਿੱਤਾ ਗਿਆ ਹੈ। ਇਨ੍ਹਾਂ ਨੂੰ ਮਿਲਾ ਕੇ ਜ਼ਿਲ੍ਹੇ ਵਿਚ ਕੁੱਲ 96 ਆਮ ਆਦਮੀ ਕਲੀਨਿਕ ਹੋ ਗਏ ਹਨ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਸਦਕਾ ਲੋਕਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਉਪਲਬੱਧ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚ 47 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਕੇਂਦਰਾਂ ਵਿੱਚ ਐਂਟੀ ਰੈਬੀਜ਼ ਟੀਕਿਆਂ ਅਤੇ ਜ਼ਿਲ੍ਹੇ ਵਿੱਚ 46 ਸੂਚੀਬੱਧ ਹਸਪਤਾਲਾਂ ਵਿੱਚ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਅਲਟਾਸਾਊਂਡ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।



