ਜਲੰਧਰ, 26 ਜੂਨ :
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਗੀਤਾ ਕਲੋਨੀ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਇਹ ਇਕ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਸ੍ਰੀ ਭਗਤ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕ ਬਿਨ੍ਹਾਂ ਕਿਸੇ ਝਿਜਕ ਦੇ ਦਰਪੇਸ਼ ਸਮੱਸਿਆਵਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਹਨ, ਜਿਨ੍ਹਾਂ ਦਾ ਮੌਕੇ ’ਤੇ ਹੀ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਜੇਕਰ ਕੋਈ ਸਮੱਸਿਆ ਹਨ ਤਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਹਨਾਂ ਦਾ ਤੁਰੰਤ ਨਿਪਟਾਰਾ ਕਰਕੇ ਲੋਕਾਂ ਨੂੰ ਵੱਡੀ ਰਾਹਤ ਪੁਹੰਚਾਈ ਜਾ ਸਕੇ।
ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੁਆਰਾ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਮਹਿਲਾਵਾਂ ਨੂੰ ਆਰਥਿਕ ਪੱਖੋਂ ਸਸ਼ਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ‘ਮੇਰੀ ਰਸੋਈ’ ਯੋਜਨਾ ਤਹਿਤ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ’ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਏ.ਸੀ.ਪੀ. ਵੈਸਟ ਅਤਿਸ਼ ਭਾਟੀਆ, ਥਾਣਾ ਮੁੱਖੀ ਰਾਜਿੰਦਰ ਸਿੰਘ, ਵਾਰਡ ਇੰਚਾਰਜ ਸੁਭਾਸ਼ ਗੌਰੀਆ ਅਤੇ ਪਰਵੀਨ ਗੌਰੀਆ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।
——————–