SliderUncategorizedपंजाब

ਲੋਕ ਸਭਾ ਮੈਂਬਰ ਨੇ ਦਿਸ਼ਾ ਕਮੇਟੀ ਦੀ ਮੀਟਿੰਗ ’ਚ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਿਆ ਜਾਇਜ਼ਾ

ਜਲੰਧਰ, 31 ਅਗਸਤ : ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਤੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਨੇ ਐਮ.ਪੀ. ਲੈਡ ਫੰਡ, ਪੀ.ਐਮ. ਗ੍ਰਾਮ ਸੜਕ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਟੀ.ਬੀ.ਮੁਕਤ ਭਾਰਤ ਅਭਿਆਨ, ਆਯੂਸ਼ਮਾਨ ਭਾਰਤ, ਮਿਡ-ਡੇ ਮੀਲ ਸਕੀਮ, ਸਮੱਗਰ ਸਿੱਖਿਆ, ਸਾਇਲ ਹੈਲਥ ਕਾਰਡ, ਜਲ ਜੀਵਨ ਮਿਸ਼ਨ ਸਮੇਤ ਵੱਖ-ਵੱਖ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਤੇ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਹੀ ਇਨ੍ਹਾਂ ਸਕੀਮਾਂ ਦਾ ਅਸਲ ਮਕਸਦ ਪੂਰਾ ਹੋ ਸਕਦਾ ਹੈ। ਸੰਸਦ ਮੈਂਬਰ ਨੇ ਖਾਸ ਤੌਰ ’ਤੇ ਸਿਹਤ, ਸਿੱਖਿਆ ਅਤੇ ਕਿਸਾਨ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੱਤਾ।
ਸ਼੍ਰੀ ਚੰਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਲਈ ਐਮ.ਪੀ.ਲੈਡ ਸਕੀਮ ਤਹਿਤ ਹੋਰ ਫੰਡ ਜਾਰੀ ਕੀਤੇ ਜਾ ਸਕਣ। ਉਨ੍ਹਾਂ ਸਮੱਗਰ ਸਿੱਖਿਆ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ, ਕਿਤਾਬਾਂ ਦੀ ਵੰਡ ਦਾ ਵੀ ਜਾਇਜ਼ਾ ਲਿਆ।
ਲੋਕ ਸਭਾ ਮੈਂਬਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਦੀ ਵਿਅਕਤੀਗਤ ਨਿਗਰਾਨੀ ਅਤੇ ਬਿਹਤਰ ਵਿਭਾਗੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀਆਂ ਨਿਯਮਿਤ ਮੀਟਿੰਗਾਂ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸੁਖਵਿੰਦਰ ਸਿੰਘ ਕੋਟਲੀ ਤੇ ਅਵਤਾਰ ਸਿੰਘ ਜੂਨੀਅਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Back to top button