ਜਲੰਧਰ: ਆਮ ਆਦਮੀ ਪਾਰਟੀ ਵੱਲੋਂ ਜਲੰਧਰ ਦੇ ਮੇਅਰ ਵਨੀਤ ਧੀਰ ਨੂੰ ਜਲੰਧਰ ਉੱਤਰੀ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵਨੀਤ ਧੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਨਮਾਨ ਵਿੱਚ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਵਨੀਤ ਧੀਰ ਨੂੰ ਮਿਲੀ ਇਹ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ, ਇਮਾਨਦਾਰ ਕਾਰਜਸ਼ੈਲੀ, ਪ੍ਰਸ਼ਾਸਨਿਕ ਯੋਗਤਾ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ’ਤੇ ਜਤਾਏ ਗਏ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੇਅਰ ਵਜੋਂ ਵਨੀਤ ਧੀਰ ਨੇ ਸ਼ਹਿਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਦਾ ਤਜ਼ਰਬਾ ਅਤੇ ਕਾਰਜ ਕਰਨ ਦੀ ਸਮਰੱਥਾ ਹੁਣ ਜਲੰਧਰ ਉੱਤਰੀ ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਨਿਤਿਨ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਉਹਨਾਂ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪਦੀ ਹੈ ਜੋ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੇ ਹਨ। ਵਨੀਤ ਧੀਰ ਦੀ ਨਿਯੁਕਤੀ ਨਾਲ ਨਾ ਸਿਰਫ਼ ਜਲੰਧਰ ਉੱਤਰੀ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ, ਸਗੋਂ ਪਾਰਟੀ ਅਤੇ ਲੋਕਾਂ ਵਿਚਕਾਰ ਸੰਪਰਕ ਵੀ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪੂਰੀ ਟੀਮ ਇੱਕਜੁੱਟ ਹੋ ਕੇ ਲੋਕ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਦੇ ਏਜੰਡੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗੀ।

ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਦੇ ਹਰ ਹਿੱਸੇ ਦਾ ਸੰਤੁਲਿਤ ਵਿਕਾਸ, ਨਾਗਰਿਕ ਸਹੂਲਤਾਂ ਵਿੱਚ ਸੁਧਾਰ, ਸਫ਼ਾਈ ਪ੍ਰਬੰਧ, ਬਿਹਤਰ ਬੁਨਿਆਦੀ ਢਾਂਚਾ ਅਤੇ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਪਾਰਟੀ ਦੀ ਪ੍ਰਾਥਮਿਕਤਾ ਹੈ। ਵਨੀਤ ਧੀਰ ਦੀ ਅਗਵਾਈ ਅਤੇ ਪਾਰਟੀ ਦੀ ਸਮੂਹਿਕ ਸੋਚ ਨਾਲ ਜਲੰਧਰ ਉੱਤਰੀ ਦੇ ਲੋਕਾਂ ਨੂੰ ਵਿਕਾਸ ਦੀ ਨਵੀਂ ਦਿਸ਼ਾ ਮਿਲੇਗੀ।

ਇਸ ਮੌਕੇ ਜਲੰਧਰ ਨੌਰਥ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਵਨੀਤ ਧੀਰ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਪੰਜਾਬ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਜੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ਲਈ ਵਿਸ਼ੇਸ਼ ਆਭਾਰ ਪ੍ਰਗਟਾਇਆ। ਵਨੀਤ ਧੀਰ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਲੰਧਰ ਨੌਰਥ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਉਹ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਸਥਾਨਕ ਟੀਮ ਨਾਲ ਮਿਲ ਕੇ ਹਲਕੇ ਦੇ ਸਰਵਪੱਖੀ ਵਿਕਾਸ, ਬਿਹਤਰ ਨਾਗਰਿਕ ਸਹੂਲਤਾਂ, ਨੌਜਵਾਨਾਂ ਲਈ ਮੌਕਿਆਂ ਦੇ ਵਿਸਤਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਨਿਰੰਤਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀ ਸੇਵਾ ਲਈ ਵਚਨਬੱਧ ਰਹਿਣਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਗੋਲਡੀ ਮਰਵਾਹਾ, ਸੁਭਾਸ਼ ਸ਼ਰਮਾ, ਐੱਮ.ਬੀ. ਬਾਲੀ, ਧੀਰਜ ਸੇਠ, ਸੰਜੀਵ ਤ੍ਰੇਹਨ, ਤੇਜਿੰਦਰ ਸਿੰਘ ਪੁਆਰ, ਮਨੀਸ਼ ਸ਼ਰਮਾ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮੂਹ ਆਗੂਆਂ ਨੇ ਵਨੀਤ ਧੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜਲੰਧਰ ਉੱਤਰੀ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ।