
ਜਲੰਧਰ (24.02.2025): ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ 31 ਮਾਰਚ ਤਕ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ ਜਾਂਚ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਮੱਦੇਨਜਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਜਿਲ੍ਹੇ ਦੇ ਸੀ.ਐਚ.ਓਜ਼ ਲਈ ਤਿੰਨ ਰੋਜਾ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦੀ ਦੇਖਭਾਲ ਅਤੇ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ ਹੈਲਥ ਚੈਕਅਪ ਕਰਨਾ ਅਤੇ ਇਸ ਦਾ ਡਾਟਾ ਐਨ.ਸੀ.ਡੀ. ਪੋਰਟਲ ’ਤੇ ਅਪਲੋਡ ਕਰਨਾ ਹੈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਐਨ.ਸੀ.ਡੀ., ਜਿਸ ਵਿੱਚ ਸ਼ੂਗਰ, ਹਾਈਪਰਟੈਨਸ਼ਨ ਅਤੇ ਤਿੰਨ ਤਰ੍ਹਾਂ ਦੇ ਕੈਂਸਰ – ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਸ਼ਾਮਲ ਹਨ, ਦੀ ਐਨਸੀਡੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸ਼ੁਰੂਆਤੀ ਦੌਰ ‘ਚ ਹੀ ਪਛਾਣ ਕਰਕੇ ਉਨ੍ਹਾਂ ਦਾ ਬਣਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ ਆਮ ਤੌਰ ‘ਤੇ ਲੰਬੇ ਸਮੇਂ ਦੀਆਂ ਬਿਮਾਰੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਠੀਕ ਹੋਣ ਵਿੱਚ ਸਮਾਂ ਲੱਗਦਾ ਹੈ, ਅਤੇ ਅਜਿਹੀਆਂ ਬਿਮਾਰੀਆਂ ਦੀ ਨਿਰੰਤਰ ਅਤੇ ਸਮੇਂ ਸਿਰ ਜਾਂਚ ਮਹੱਤਵਪੂਰਨ ਹੁੰਦੀ ਹੈ।
ਸਿਵਲ ਸਰਜਨ ਵੱਲੋਂ ਟ੍ਰੇਨਿੰਗ ਸੈਸ਼ਨ ਦੌਰਾਨ ਸੀ.ਐਚ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਅਧੀਨ ਆਉਂਦੇ ਖੇਤਰਾਂ ਦੇ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦੀ ਐਨਸੀਡੀ ਸਕ੍ਰੀਨਿੰਗ ਕਰਨਾ ਅਤੇ ਗੈਰ ਸੰਚਾਰੀ ਬਿਮਾਰੀਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੰਦੇ ਹੋਏ ਸਚੇਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਸਹੀ ਢੰਗ ਨਾਲ ਡਾਟਾ ਇਕੱਤਰ ਕਰਨ, ਬਿਮਾਰੀ ਦੇ ਪ੍ਰਸਾਰ ਦੀ ਨਿਗਰਾਨੀ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਇਲਾਜ ਕਰਨ ਲਈ ਸਾਰੇ ਜਾਂਚ ਕੀਤੇ ਗਏ ਮਰੀਜ਼ਾਂ ਦੇ ਵਿਸਤ੍ਰਿਤ ਆਨਲਾਈਨ ਰਿਕਾਰਡ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ ਜਾਂਚ ਕਰਨ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸਫਲਤਾ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ, ਉਨ੍ਹਾਂ ਨੇ ਲੋਕਾਂ ਨੂੰ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਜਿਕਰਯੋਗ ਹੈ ਕਿ ਗੈਰ ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਸਿਹਤ ਵਿਭਾਗ ਜਲੰਧਰ ਵੱਲੋਂ ਇਸ ਤਿੰਨ ਰੋਜਾ ਟ੍ਰੇਨਿੰਗ ਦੌਰਾਨ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਅਨਾਮਿਕਾ, ਰੇਡੀਓਥੈਰੇਪਿਸਟ ਡਾ. ਪ੍ਰਭਸ਼ਰਨ ਕੌਰ ਅਤੇ ਸਰਜਨ ਡਾ. ਦੀਪਕ ਵੱਲੋਂ ਜਿਲ੍ਹੇ ਦੇ ਸਮੂਹ ਸੀ.ਐਚ.ਓਜ਼ ਨੂੰ ਵੱਖ-ਵੱਖ ਸੈਸ਼ਨਾਂ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।