
ਜਲੰਧਰ (27-05-2025) ਸਿਹਤ ਵਿਭਾਗ ਵੱਲੋਂ 17 ਮਈ 2025 ਤੋਂ 17 ਜੂਨ 2025 ਤੱਕ ਵਿਸ਼ਵ ਹਾਈਪਰਟੈਸ਼ਂਨ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ ਅਤੇ ਇਸ ਸੰਬੰਧ ਵਿੱਚ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਐਨ.ਪੀ.ਸੀ.ਡੀ.ਸੀ.ਐਸ. ਪ੍ਰੋਗਰਾਮ ਤਹਿਤ ਗੈਰ ਸੰਚਾਰੀ ਰੋਗਾਂ ਲਈ ਸਿਵਲ ਹਸਪਤਾਲ ਵਿਖੇ ਬਣੇ ਐਨ.ਸੀ.ਡੀ. ਕਾਰਨਰ ਦਾ ਜਾਇਜਾ ਲਿਆ ਗਿਆ ਅਤੇ ਮੌਕੇ ‘ਤੇ ਇਲਜ ਲਈ ਆਏ ਮਰੀਜਾਂ ਅਤੇ ਉਨ੍ਹਾਂ ਦੇ ਸੰਬੰਧੀਆਂ ਨੂੰ ਹਾਈਪਰਟੈਂਸ਼ਨ ਪ੍ਰਤੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਐਨ.ਸੀ.ਡੀ. ਕਾਰਨਰ ਵਿਖੇ ਫੁੱਲੀ ਆਟੋਮੈਟਿਕ ਹਾਈਟੈਕ ਬੀ.ਪੀ. ਮਸ਼ੀਨ ਰਾਹੀਂ ਰੋਜਾਨਾ 150 ਤੋਂ ਵੱਧ .ਮਰੀਜਾਂ ਦੀ ਜਾਂਚ ਕੀਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸਿਹਤ ਸਟਾਫ਼ ਨੂੰ ਮਰੀਜਾਂ ਦੇ ਬੀ.ਪੀ ਜਾਂਚ ਲਈ ਹਾਈਟੈਕ ਮਸ਼ੀਨ ਦੇ ਇਸਤੇਮਾਲ ਬਾਰੇ ਜਾਣਕਾਰੀ ਦਿੰਦੇ ਹੋਏ ਜਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਸਿਵਲ ਸਰਜਨ ਨੇ ਦੱਸਿਆ ਕਿ ਹਾਈਪਰਟੈਂਸ਼ਨ ਜਿਸ ਨੂੰ ਆਮ ਤੌਰ `ਤੇ ਹਾਈ ਬਲੱਡ ਪ੍ਰੈਸ਼ਰ ਵੀ ਕਿਹਾ ਜਾਂਦਾ ਹੈ। ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣਦਾ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ ਅਤੇ ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਵਿੱਚ ਵੀ ਯੋਗਦਾਨ ਪਾ ਸਕਦੀ ਹੈ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਜਿਆਦਾਤਰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਇਸਦਾ ਕੋਈ ਵੀ ਲੱਛਣ ਦਿਖਾਈ ਨਹੀਂ ਦਿੰਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹਾਈਪਰਟੈਂਸ਼ਨ ਤੋਂ ਬਚਾਅ ਲਈ ਚੰਗੀ-ਸੰਤੁਲਿਤ ਖੁਰਾਕ ਜਿਸ ਵਿੱਚ ਲੂਣ ਦੀ ਮਾਤਰਾ ਘੱਟ ਹੋਵੇ, ਸ਼ਰਾਬ ਦੀ ਵਰਤੋ ਤੋਂ ਪ੍ਰਹੇਜ਼, ਨਿਯਮਤ ਸਰੀਰਕ ਗਤੀਵਿਧੀ ਕਰਨਾ, ਸਿਗਰਟਨੋਸ਼ੀ ਨਾ ਕਰਨਾ, ਆਪਣੀਆਂ ਦਵਾਈਆਂ ਸਹੀ ਢੰਗ ਨਾਲ ਲ਼ੈਣਾ ਅਤੇ ਆਪਣੇ ਡਾਕਟਰ ਦੀ ਸਲਾਹ ‘ਤੇ ਕੰਮ ਕਰਨਾ ਆਦਿ ਜ਼ਰੂਰੀ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਾ. ਅਭਿਨਵ ਸ਼ੂਰ, ਡਾ. ਪ੍ਰਭਸ਼ਰਨ ਅਤੇ ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਮੌਜੂਦ ਸਨ।