ਜਲੰਧਰ (25-08-2025): ਜ਼ਿਲ੍ਹਾ ਸਿਹਤ ਵਿਭਾਗ ਵਲੋਂ “ਕੌਮੀ ਅੱਖਾਂ ਦਾਨ ਪੰਦਰਵਾੜਾ “25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉੱਥੇ ਜਾ ਕੇ ਫ਼ਾਰਮ ਭਰ ਸਕਦਾ ਹੈ। ਇਸ ਦੌਰਾਨ ਅੱਖਾਂ ਦਾਨ ਪੰਦਰਵਾੜੇ ਸਬੰਧੀ ਜਾਗਰੂਕਤਾ ਪੰਫਲੈਟ ਵੀ ਰੀਲੀਜ਼ ਕੀਤਾ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜਾਣਕਾਦੀ ਦਿੰਦੇ ਹੋਏ ਦੱਸਿਆ ਕਿ ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ’ਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਤਿ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਜਾਂਚ ਹਰ ਛੇ ਮਹੀਨੇ ਮਗਰੋਂ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ’ਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਪੁਤਲੀ ਬਦਲਣ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਂਦੇ ਹਨ।
ਡਾ. ਗੁਰਪ੍ਰੀਤ ਕੌਰ ਐਸ.ਐਮ.ਓ. ਆਈ ਮੋਬਾਈਲ ਯੂਨਿਟ ਵੱਲੋਂ ਦੱਸਿਆ ਗਿਆ ਕਿ ਕਈ ਕਾਰਨਾਂ ਕਰਕੇ ਜਿਸ ਵਿਅਕਤੀ ਨੂੰ ਕਾਰਨਿਅਲ ਬਲਾਈਂਡਨੈਸ ਹੁੰਦੀ ਹੈ ਉਸਦੀ ਅੱਖ ਦੀ ਪੁਤਲੀ ਬਦਲ ਕੇ ਅੰਨੇਪਣ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੀ ਵਿਅਕਤੀ ਦੀ ਮੌਤ ਤੋਂ ਬਾਅਦ ਅੱਖ ਦਾਨ ਕਰਨ ਰਾਹੀਂ ਨੇਤਰਹੀਨ ਵਿਅਕਤੀ ਨੂੰ ਸਰਜੀਕਲ ਵਿਧੀ, ਜਿਸ ਵਿੱਚ ਖਰਾਬ ਕਾਰਨੀਆ ਨੂੰ ਸਿਹਤਮੰਦ ਕਾਰਨੀਆ ਵਿੱਚ ਤਬਦੀਲ ਕਰਕੇ ਦੇਖਣ ਯੋਗ ਬਣਾਇਆ ਜਾ ਸਕਦਾ ਹੈ।

ਅੱਖਾਂ ਦੇ ਦਾਨ ਬਾਰੇ ਕੁੱਝ ਅਹਿਮ ਤੱਥ
ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ ਬਾਅਦ 4 ਤੋਂ 6 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖ਼ਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਦਾਨ ਕਰਨ ਵਾਸਤੇ ਆਈ ਬੈਂਕ ਟੀਮ ਦੇ ਆਉਣ ਤੱਕ ਅੱਖਾਂ ਦੀ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ’ਤੇ ਗਿੱਲਾ ਤੇ ਸਾਫ਼ ਕੱਪੜਾ ਰੱਖਿਆ ਜਾਵੇ। ਅੱਖਾਂ ਕੱਢਣ ’ਚ ਸਿਰਫ਼ 10-15 ਮਿੰਟ ਲੱਗਦੇ ਹਨ ਅਤੇ ਇਸ ਪ੍ਰਕਿਆ ’ਚ ਚਿਹਰੇ ’ਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲੱਗਦਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।