ਜਲੰਧਰ (02.09.2025): ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਅਤੇ ਮੈਡੀਕਲ ਸੁਪਰਡੈਂਟ ਈ.ਐਸ.ਆਈ. ਡਾ. ਵੰਦਨਾ ਧੀਰ ਵੱਲੋਂ ਮੰਗਲਵਾਰ ਨੂੰ ਜਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਐਂਬੂਲੈਂਸਾਂ ਦੇ ਕਾਫਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸਾਰੀਆਂ ਐਂਬੂਲੈਂਸਾਂ ਮੈਡੀਕਲ ਸਹਾਇਤਾ ਨਾਲ ਪੂਰੀ ਤਰ੍ਹਾਂ ਲੈਸ ਹਨ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਸਾਰੇ ਮਿਲ ਕੇ ਇਸ ਮੁਸ਼ਕਲ ਘੜੀ ਵਿੱਚ ਪੀੜਤਾਂ ਦਾ ਸਾਥ ਦੇਈਏ। ਤੇਜ਼ੀ ਨਾਲ ਡਾਕਟਰੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਿਤ ਖੇਤਰਾਂ ਵਿੱਚ ਐਂਬੂਲੈਂਸਾਂ ਰਵਾਨਾ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਐਸ.ਐਮ.ਓ. ਡਾ. ਨਮਿਤਾ ਘਈ, ਅੱਖਾ ਦੇ ਮਾਹਿਰ ਡਾ. ਅਰੂਣ ਵਰਮਾ, ਐਮ.ਓ. ਡਾ. ਅਭਿਰਾਜ ਸਿੰਘ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਅਤੇ ਨਰਸਿੰਗ ਸਟਾਫ ਮੌਜੂਦ ਸਨ।
ਡਾ. ਰਮਨ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਸਥਿਤੀ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਲੁੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੇ ਮੱਦੇਨਜਰ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਸਮੂਹ ਐਸ.ਐਮ.ਓਜ਼ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਐਮਰਜੈਂਸੀ ਰੈਪਿਡ ਰਿਸਪਾਂਸ ਟੀਮਾਂ ਅਤੇ ਮੋਬਾਈਲ ਮੈਡੀਕਲ ਟੀਮਾਂ, ਜਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈਸ, ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਨਿਰਵਿਘਨ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ। ਹੜ੍ਹਾਂ ਨਾਲ ਨਜਿੱਠਣ ਲਈ ਸਾਰੇ ਬਲਾਕਾਂ ਵਿੱਚ ਜਰੂਰੀ ਦਵਾਈਆਂ ਦਾ ਢੁਕਵਾਂ ਸਟਾਕ ਰੱਖਣ ਦੀ ਹਦਾਇਤ ਕੀਤੀ ਗਈ ਹੈ।
ਡਾ. ਰਮਨ ਗੁਪਤਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਠੋਸ ਉਪਾਅ ਕੀਤੇ ਜਾ ਰਹੇ ਹਨ। ਦਸਤ, ਗੈਸਟਰੋਐਂਟਰਾਈਟਿਸ, ਕੁੱਤੇ ਦੇ ਕੱਟਣ, ਸਨੇਕ ਬਾਈਟ, ਚਮੜੀ ਅਤੇ ਅੱਖਾਂ ਦੀ ਐਲਰਜੀ ਆਦਿ ਵਰਗੀਆਂ ਬਿਮਾਰੀਆਂ ਲਈ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਗਰਭਵਤੀ ਔਰਤਾਂ ਲਈ ਜਨਮ ਤੋਂ ਪਹਿਲਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਲੋਕਾਂ ਨੂੰ ਸਿਹਤ ਟੀਮਾਂ ਵੱਲੋਂ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਜੋ ਨਿਰਵਿਘਨ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।