ਜਲੰਧਰ (3 ਜੁਲਾਈ 2026): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਚੰਡੀਗੜ੍ਹ ਵਿਖੇ “ਕੌਮੀ ਡਾਕਟਰ ਦਿਵਸ” ਦੇ ਮੌਕੇ ‘ਤੇ ਇੱਕ ਵਿਸ਼ੇਸ਼ ਸੂਬਾ ਪੱਧਰੀ ਸਮਾਰੋਹ ਦੌਰਾਨ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਨਿਸ਼ਕਾਮ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਦੇ ਆਰਥੋਪੈਡਿਕ ਸਰਜਨ ਡਾ. ਬੇਅੰਤ ਸਿੰਘ ਨੂੰ ਵੀ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਸੂਬਾ ਪੱਧਰੀ ਸਮਾਰੋਹ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜ ਦੇ ਸਰਕਾਰੀ ਅਤੇ ਨਿੱਜੀ ਖੇਤਰ ਦੇ 59 ਨਾਮਵਰ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਉੱਘੇ ਹੱਡੀਆਂ ਦੇ ਮਾਹਰ (ਆਰਥੋਪੈਡਿਕ ਸਰਜਨ) ਡਾ. ਬੇਅੰਤ ਸਿੰਘ ਨੂੰ ਸਿਹਤ ਖੇਤਰ ਵਿੱਚ ਬੇਮਿਸਾਲ ਯੋਗਦਾਨ ਅਤੇ ਮਿਸਾਲੀ ਕਾਰਗੁਜ਼ਾਰੀ ਲਈ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਅਤੇ ‘ਸਟੇਟ ਅਵਾਰਡ’ (ਰਾਜ ਪੁਰਸਕਾਰ) ਨਾਲ ਨਿਵਾਜਿਆ। ਉਨ੍ਹਾਂ ਨੇ ਸਮੂਹ ਸਨਮਾਨਿਤ ਡਾਕਟਰਾਂ ਦੀ ਸ਼ਲਾਘਾ ਕਰਦਿਆਂ ਦੂਸਰਿਆਂ ਨੂੰ ਵੀ ਇਸੇ ਤਰ੍ਹਾਂ ਤਨਦੇਹੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਰਾਜ ਪੁਰਸਕਾਰ ਪ੍ਰਾਪਤ ਕਰਨ ਉਪਰੰਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਡਾ. ਬੇਅੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਉਨ੍ਹਾਂ ਪ੍ਰਣ ਕੀਤਾ ਕਿ ਉਹ ਭਵਿੱਖ ਵਿੱਚ ਵੀ ਆਮ ਲੋਕਾਂ ਦੀ ਸਿਹਤ ਸੰਭਾਲ ਅਤੇ ਸੇਵਾ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਦੇ ਰਹਿਣਗੇ।