ਜਲੰਧਰ (02.02.2026): ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸੋਮਵਾਰ ਨੂੰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗੁਰੂ ਰਵਿਦਾਸ ਜੀ ਦੀ ਤਸਵੀਰ ਅੱਗੇ ਨਤਮਸਤਕ ਹੁੰਦੇ ਹੋਏ ਨਮਨ ਕੀਤਾ ਗਿਆ। ਸਮਾਗਮ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਸਹਾਇਕ ਸਿਹਤ ਅਫ਼ਸਰ ਡਾ. ਮੀਰਾ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ, ਸੁਪਰਡੈਂਟ ਯੋਗਰਾਜ, ਸੁਪਰਡੈਂਟ ਗੁਰਪਿੰਦਰ ਕੌਰ ਅਤੇ ਸਿਵਲ ਸਰਜਨ ਦਫ਼ਤਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀਆਂ ਨੇ ਆਪਣੀ ਹਾਜਰੀ ਲਗਵਾਈ ਅਤੇ ਗੁਰੂ ਰਵਿਦਾਸ ਜੀ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਵੱਡਮੁੱਲਾ ਸਹਿਯੋਗ ਦੇਣ ਦਾ ਸੁਨੇਹਾ ਦਿੱਤਾ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸਭ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ ਪਰਵ ਦੀ ਵਧਾਈ ਦਿੱਤੀ ਅਤੇ ਤੰਦਰੁਸਤ ਸਮਾਜ ਅਤੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਉੱਚ-ਨੀਚ ਗ਼ਰੀਬ-ਅਮੀਰ ਦੇ ਵਖਰੇਵਿਆਂ ਤੋਂ ਉਪਰ ਉੱਠ ਕੇ ਸਾਰੇ ਸੰਸਾਰ ਨੂੰ ਰਲ ਮਿਲ ਕੇ ਰਹਿਣ ਦਾ ਉਪਦੇਸ਼ ਦਿੱਤਾ, ਸਾਨੂੰ ਸੱਭ ਦਾ ਭਲਾ ਮੰਗਦੇ ਹੋਏ ਬਰਾਬਰ ਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੇ ਹੋਏ ਉਚੇਰੀ ਸਿੱਖਿਆ ਦੇਣੀ ਚਾਹੀਦੀ ਹੈ ਤਾਂ ਜੋ ਬੱਚੇ ਵੱਡੇ ਹੋ ਕੇ ਆਪਣੇ ਦੇਸ਼ ਅਤੇ ਕੌਮ ਦੀ ਤਰੱਕੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ।