ਜਲੰਧਰ (29-08-2025): ਸਿਹਤ ਵਿਭਾਗ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜ਼ਰ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਲਗਾਤਾਰ ਜਾਰੀ ਹੈ। ਬਰਸਾਤੀ ਸੀਜਨ ਦੇ ਮੱਦੇਨਜਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸ਼ੁੱਕਰਵਾਰ ਨੂੰ ਨਕੋਦਰ ਨੇੜੇ ਪੈਂਦੀ ਕਾਲੀ ਵੇਂਈ ਕਿਨਾਰੇ ਸਥਿਤ ਝੁੱਗੀਆਂ ਵਿਖੇ ਸਿਹਤ ਟੀਮਾਂ ਨਾਲ ਡੇਂਗੂ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਵੱਲੋਂ ਸਬੰਧਤ ਖੇਤਰ ਵਿਖੇ ਲੋਕਾਂ ਦੀ ਸਿਹਤ ਜਾਂਚ ਲਈ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦਾ ਵੀ ਜਾਇਜਾ ਲਿਆ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਡੇਂਗੂ ਮੱਛਰ ਦਾ ਲਾਰਵਾ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਹ ਮੱਛਰ ਦਿਨ ਸਮੇਂ ਹੀ ਕੱਟਦਾ ਹੈ। ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ ਬੁਖਾਰ, ਸਿਰਦਰਦ, ਮਸੂੜਿਆਂ ਤੇ ਨੱਕ ਵਿੱਚੋਂ ਖੂਨ ਵੱਗਣਾ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇਆਂ ਵਿੱਚ ਦਰਦ, ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਇਹ ਲੱਛਣ ਦਿਸਣ ‘ਤੇ ਨਜਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਡੇਂਗੂ ਦੇ ਲੱਛਣ ਦਿਸਣ ‘ਤੇ ਨਜ਼ਦੀਕੀ ਆਮ ਆਦਮੀ ਕਲੀਨਿਕ ਵਿਖੇ ਵੀ ਆਪਣੀ ਸਿਹਤ ਜਾਂਚ ਕਰਵਾ ਸਕਦਾ ਹੈ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਫ੍ਰਾਈ-ਡੇ ਵਜੋਂ ਮਨਾਇਆ ਜਾਵੇ, ਜਿਸ ਦੌਰਾਨ ਡੇਂਗੂ ਤੋਂ ਬਚਾਓ ਲਈ ਕੂਲਰਾਂ ਅਤੇ ਗਮਲੇਆਂ ਦੀਆਂ ਟ੍ਰੇਆਂ ‘ਚ ਖੜੇ ਪਾਣੀ ਨੂੰ ਹਫਤੇ ਵਿੱਚ ਇਕ ਵਾਰ ਸਾਫ ਜਰੂਰ ਕਰਨਾ ਚਾਹੀਦਾ ਹੈ। ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਤਾਂ ਜੋ ਮੱਛਰ ਨਾ ਕੱਟ ਸਕੇ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਘਰਾਂ ਦੀਆਂ ਛੱਤਾਂ ਅਤੇ ਖੁੱਲੇ ਵਿੱਚ ਨਾ ਰੱਖੋ ਤਾਂ ਜੋ ਇਨ੍ਹਾਂ ਵਿਚ ਡੇਂਗੂ ਲਾਰਵਾ ਨਾ ਪਨਪ ਸਕੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਮਹੇਸ਼ ਕੁਮਾਰ ਪ੍ਰਭਾਕਰ, ਐਮ.ਓ. ਡਾ. ਸੋਨੀਆ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਬਲਾਕ ਐਕਸਟੈਂਸ਼ਨ ਐਜੁਕੇਟਰ ਹਿਮਾਲਯ ਪ੍ਰਕਾਸ਼, ਸੀ.ਐਚ.ਓ. ਡਾ. ਸ਼ਿਵਾਲੀ, ਐਸ.ਆਈ. ਦਵਿੰਦਰ ਸਿੰਘ ਅਤੇ ਮਲਟੀ ਪਰਪਜ਼ ਹੈਲਥ ਵਰਕਰ ਮੌਜੂਦ ਸਨ।
ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਸ਼ੁੱਕਰਵਾਰ ਨੂੰ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਕੁੱਲ 2838 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 845 ਘਰਾਂ ਅਤੇ ਪੇਂਡੂ ਖੇਤਰ ਵਿੱਚ 1993 ਘਰਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ 16 ਥਾਵਾਂ ‘ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।