Sliderपंजाब

ਸਿਵਲ ਸਰਜਨ ਨੇ ਸਮੂਹ ਐਸ.ਐੱਮ.ਓਜ਼. ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਜਲੰਧਰ (23 ਨਵੰਬਰ 2026): ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਹੋਈ ।ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਦੀ ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਸਿਵਲ ਸਰਜਨ ਵੱਲੋਂ ਸਮੂਹ ਐੱਸ.ਐੱਮ.ਓਜ਼. ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਮਹੀਨਾਵਾਰ ਟੀਚੇ ਪੂਰੇ ਕੀਤੇ ਜਾਣ ਅਤੇ ਇਸ ਦੀ ਰਿਪੋਰਟ ਜਿਲ੍ਹਾ ਪੱਧਰ ‘ਤੇ ਸਮੇਂ ਸਿਰ ਭੇਜਣੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਸਨ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਈ ਜਾਵੇ ਤਾਂ ਜੋ ਲੋੜਵੰਦ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਪੂਰਾ ਲਾਭ ਮਿਲ ਸਕੇ।ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ‘ਚ ਸਫਾਈ ਵਿਵਸਥਾ ਦੁਰਸਤ ਰੱਖੀ ਜਾਵੇ।ਉਨ੍ਹਾਂ ਨੇ ਸਮੂਹ ਐਸ.ਐਮ.ਓਜ਼ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਟਾਫ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਅਤੇ ਸਿਹਤ ਸੇਵਾਵਾਂ ਸਬੰਧੀ ਕੰਮਕਾਜ ਦੀ ਸੁਪਰਵਿਜ਼ਨ ਕਰਨਾ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣਾ ਸਾਡੀ ਜਿੰਮੇਵਾਰੀ ਹੈ, ਇਸ ਲਈ ਇਸ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ‘ਚ ਇਲਾਜ ਲਈ ਆਉਣ ਵਾਲੇ ਬਜੁਰਗਾਂ, ਗਰਭਵਤੀ ਔਰਤਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜਾਂ ਨਾਲ ਸਟਾਫ ਵੱਲੋਂ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਪਹਿਲ ਦੇ ਆਧਾਰ ‘ਤੇ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ।
ਸਿਵਲ ਸਰਜਨ ਨੇ ਸਮੂਹ ਐਸ.ਐਮ.ਓਜ਼. ਨੂੰ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਯੋਗ ਉਪਰਾਲੇ ਕਰਨ , 100 ਫੀਸਦੀ ਟੀਕਾਕਰਨ ਕਰਨਾ ਯਕੀਨੀ ਬਣਾਉਣ ਅਤੇ 14 ਤੋਂ 15 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੰੂਹ ਦੇ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਵੈਕਸੀਨੇਸ਼ਨ ਕਰਵਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰ ਕੇ ਵੈਕਸੀਨ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਮੁਕੰਮਲ ਐਂਟੀਨੇਟਲ ਚੈਕਅਪ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਗੰਭੀਰਤਾ ਨਾਲ ਫਾਲੋਅਪ ਯਕੀਨੀ ਬਣਾਉਣ ਲਈ ਕਿਹਾ ਗਿਆ।ਸਿਵਲ ਸਰਜਨ ਵੱਲੋਂ ਹਦਾਇਤ ਕਰਦਿਆਂ ਕਿਹਾ ਗਿਆ ਕਿ ਹਰੇਕ ਸਿਹਤ ਕੇਂਦਰ ਪੱਧਰ ‘ਤੇ ਐੱਨ.ਸੀ.ਡੀ. ਅਤੇ ਕੈਂਸਰ ਸਕਰੀਨਿੰਗ ਕਰਨੀ ਯਕੀਨੀ ਬਣਾਇਆ ਜਾਵੇ ਤਾਂਕਿ ਸਮਾਂ ਰਹਿੰਦਿਆਂ ਲੋਕਾਂ ਦਾ ਯੋਗ ਇਲਾਜ ਕੀਤਾ ਜਾ ਸਕੇ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਲੇਰੀਆ,ਡੇਂਗੂ,ਚਿਕਨਗੁਨੀਆ ਅਤੇ ਟੀ.ਬੀ. ਆਦਿ ਬਿਮਾਰੀਆਂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਵਲੋਂ ਸਮੂਹ ਐਸ.ਐਮ.ਓ. ਨੂੰ ਹਦਾਇਤ ਕੀਤੀ ਕਿ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲੋਕਾਂ ਨੂੰ ਜੱਚਾ-ਬੱਚਾ ਸੇਵਾਵਾਂ ਦਾ ਲਾਭ ਦਿੰਦੇ ਹੋਏ ਹਰੇਕ ਗਰਭਵਤੀ ਔਰਤ ਦਾ ਫਰੀ ਸੰਸਥਾਗਤ ਜਣੇਪਾ, ਟੈਸਟ, ਮੁਫਤ ਦਵਾਈਆਂ ਅਤੇ 108 ਐਂਬੂਲੈਂਸ ਸੇਵਾ ਦਾ ਲਾਭ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਖੇਤਰ ਅਧੀਨ ਆਉਦੀ ਹਰੇਕ ਹਾਈ ਰਿਸਕ ਗਰਭਵਤੀ ਔਰਤ ਦਾ ਮਾਹਿਰ ਡਾਕਟਰ ਦੁਆਰਾ ਹਦਾਇਤਾਂ ਮੁਤਾਬਕ ਏ.ਐਨ.ਸੀ.(ਐਂਟੀਨੇਟਲ) ਚੈੱਕਅਪ ਕਰਵਾਇਆ ਜਾਵੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੋਕੇਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਹਾਇਕ ਸਿਹਤ ਅਫਸਰ ਡਾ. ਮੀਰਾ, ਜਿਲ੍ਹਾ ਟੀ.ਬੀ. ਅਫਸਰ ਡਾ. ਰਿਤੂ, ਜਿਲ੍ਹਾ ਮਾਸ ਮੀਡੀਆ ਅਫਸਰ ਗੁਰਦੀਪ ਸਿੰਘ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਮੌਜੂਦ ਸਨ।

Related Articles

Back to top button