
ਜਲੰਧਰ (15-05-2025): ਸਿਹਤ ਵਿਭਾਗ ਜਲੰਧਰ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸਦੇ ਮੱਦੇਨਜਰ ਹੀ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ (ਬੀ.ਈ.ਈ.) ਨਾਲ ਵੀਰਵਾਰ ਨੂੰ ਸਿਵਲ ਸਰਜਨ ਦਫਤਰ ਵਿਖੇ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਸਮੂਹ ਬੀਈਈਜ਼ ਤੋਂ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਗਈ ਅਤੇ ਬਲਾਕ ਪੱਧਰ ‘ਤੇ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤਿਵਿਧੀਆਂ ਦਾ ਰੀਵਿਉ ਕੀਤਾ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਸੈਮੀਨਾਰਾਂ/ਸਮੂਹ ਚਰਚਾਵਾਂ ਰਾਹੀਂ ਵੱਖ-ਵੱਖ ਸਿਹਤ ਸਕੀਮਾਂ ਅਤੇ ਸਿਹਤ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਲੋਕ ਸਰਕਾਰੀ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਯੁੱਧ ਨਸ਼ਿਆਂ ਵਿਰੁੱਧ, ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ – ਨੇਸ਼ਨਲ ਡੇਂਗੂ ਡੇਅ, ਹਾਈਪਰਟੈਂਸ਼ਨ, ਫੈਮਿਲੀ ਪਲਾਨਿੰਗ ਪ੍ਰੋਗਰਾਮ ਅਤੇ ਵਿਸ਼ਵ ਮਾਹਵਾਰੀ ਦਿਵਸ ਬਾਰੇ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ ਕਰਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਪੰਜਾਬ ਭਰ ਵਿੱਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਯਾਤਰਾ ਵਿੱਚ ਸਮੂਹ ਟੀਮ ਨਾਲ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਨੇ ਬੀ.ਈ.ਈਜ਼ ਤੋਂ ਏ.ਐਨ.ਐਮ. ਵੱਲੋਂ ਕੀਤੇ ਜਾਣ ਵਾਲੇ ਕੰਮਕਾਜ ਬਾਰੇ ਜਾਣਕਾਰੀ ਲਈ ਅਤੇ ਉਸਦੀ ਸਮੀਖਿਆ ਕਰਦੇ ਹੋਏ ਬੀ.ਈ.ਈਜ਼ ਨੂੰ ਏ.ਐਨ.ਐਮ. ਨੂੰ ਟੈਬ ਤੇ ਆਨਲਾਈਨ ਐਂਟਰੀਆਂ ਕਰਨ ਲਈ ਪ੍ਰੇਰਿਤ ਕਰਨ ਬਾਰੇ ਹਦਾਇਤ ਕੀਤੀ। ਉਨ੍ਹਾਂ ਕਿਹਾ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਏ.ਐਨ.ਐਮ. ਦੀ ਵੈਕਸੀਨੇਸ਼ਨ ਕਿਟ ਵਿੱਚ ਹਰ ਵੈਕਸੀਨ ਹੋਵੇ ਅਤੇ ਕਿਸੇ ਵੀ ਵੈਕਸੀਨ ਦਾ ਸਟਾਕ ਖਤਮ ਨਾ ਹੋਵੇ। ਇਸਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਏ.ਐਨ.ਐਮ. ਵੱਲੋਂ ਆਪਣੇ ਟੀਚੇ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਹਦਾਇਤ ਦਿੰਦਿਆਂ ਕਿਹਾ ਕਿ ਗਰਭਵਤੀ ਔਰਤਾਂ ਦਾ ਐਂਟੀਨੇਟਲ ਰਜਿਸਟ੍ਰੇਸ਼ਨ ਅਤੇ ਚੈਕਅਪ 100 ਫੀਸਦ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਦੀ ਰਿਪੋਰਟਾਂ ਸਮੇਂ ਸਿਰ ਨਿਰਧਾਰਤ ਪ੍ਰੋਫਾਰਮੇ ‘ਤੇ ਭਰ ਕੇ ਭੇਜਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਮੂਹ ਬੀ.ਈ.ਈ. ਮੌਜੂਦ ਸਨ।