
ਜਲੰਧਰ (30.07.2025): ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਐਸ.ਐਮ.ਓਜ਼ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਬਿਜਲੀ, ਆਕਸੀਜਨ ਅਤੇ ਦਵਾਈਆਂ ਦੇ ਇੰਤਜਾਮ ਪੂਰੀ ਤਰ੍ਹਾਂ ਦੁਰਸਤ ਰੱਖਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜਾਂ ਦਾ ਸਮੇਂ ਸਿਰ ਇਲਾਜ ਸਾਡੀ ਤਰਜੀਹ ਹੈ, ਉਨ੍ਹਾਂ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਮਰੀਜਾਂ ਪ੍ਰਤੀ ਸੰਵੇਦਨਸ਼ੀਲ ਅਤੇ ਹਮਦਰਦੀ ਭਰੀਆ ਵਤੀਰਾ ਰੱਖਿਆ ਜਾਵੇ ਅਤੇ ਸਿਹਤ ਸੰਸਥਾਵਾਂ ਵਿੱਚ ਅਤਿ-ਜ਼ਰੂਰੀ ਦਵਾਈਆਂ ਦੇ ਸਟਾਕ ਦੀ ਉਪਲਬਤਾ ਨੂੰ ਯਕੀਨੀ ਬਣਾਈਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰਬੰਧਾਂ ਨੂੰ ਸੁਨਿਸ਼ਚਿਤ ਕਰਨ ਲਈ ਸਮੇਂ-ਸਮੇਂ ‘ਤੇ ਸੁਪਰਵਿਜ਼ਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਹਰ ਮਰੀਜ ਨੂੰ ਲੋੜ ਅਨੁਸਾਰ ਹਰ ਦਵਾਈ ਹਸਪਤਾਲ ਵਿੱਚ ਉਪਲਬੱਧ ਕਰਵਾਈ ਜਾਵੇ ਅਤੇ ਇਸ ਨੂੰ ਰੋਜਾਨਾ ਮੋਨੀਟਰ ਕੀਤਾ ਜਾਵੇ।
ਸਿਵਲ ਸਰਜਨ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਰਸਾਤੀ ਮੌਸਮ ਦੇ ਮੱਦੇਨਜਰ ਹੋਣ ਵਾਲੀਆਂ ਬੀਮਾਰੀਆਂ ਦਸਤ ਰੋਕੋ ਮੁਹਿੰਮ, ਟੀਬੀ ਦੀ ਰੋਕਥਾਮ, ਨੈਸ਼ਨਲ ਵੈਕਟਰ ਐਂਡ ਵਾਟਰ ਬੋਰਨ ਕੰਟਰੋਲ ਪ੍ਰੋਗਰਾਮ ਦੇ ਅੰਤਰਗਤ ਮਲੇਰੀਆ, ਡੇਂਗੂ, ਚਿਕਨਗੁਨੀਆ ਦੀ ਰੋਕਥਾਮ ਸੰਬੰਧੀ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਪਿੰਡ ਪੱਧਰ ਤੇ ਹੁਣ ਵੀ.ਐਚ.ਐਸ.ਐਨ.ਸੀ. ਅਤੇ ਸ਼ਹਿਰੀ ਖੇਤਰਾਂ ਵਿੱਚ ਮਹਿਲਾ ਆਰੋਗਯ ਸਮਿਤੀਆਂ ਨਾਲ ਤਾਲਮੇਲ ਸਥਾਪਤ ਕਰਕੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਵੱਲੋਂ ਪੀਪੀਟੀ ਰਾਹੀਂ ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਯੋਜਨਾ ਦੇ ਤਹਿਤ ਲੋੜਵੰਦਾਂ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਕਿਹਾ ਗਿਆ।
ਸਿਵਲ ਸਰਜਨ ਨੇ ਕਿਹਾ ਕਿ ਗਰਭਵਤੀ ਔਰਤਾਂ ਦਾ ਸੌ ਫੀਸਦੀ ਐਂਟੀਨੇਟਲ ਚੈੱਕਅਪ ਅਤੇ ਲੋੜੀਂਦੇ ਸਾਰੇ ਮੈਡੀਕਲ ਟੈਸਟ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਏ.ਐਨ.ਐਮਜ ਅਤੇ ਆਸ਼ਾ ਵਰਕਰਜ ਦਾ ਹੋਮ ਵਿਜਿਟ ਕਰਨਾ ਯਕੀਨੀ ਬਣਾਈਆ ਜਾਵੇ ਅਤੇ ਲੋਕਾਂ ਨੂੰ ਸੰਸਥਾਗਤ ਜਣੇਪੇ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਦੇ ਹੋਏ ਸਰਕਾਰੀ ਹਸਪਤਾਲ ਵਿੱਚ ਹੀ ਗਰਭਵਤੀ ਔਰਤਾਂ ਦੀ ਡਿਲਿਵਰੀ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਜਨ-ਜਾਗਰੂਕਤਾ ਵਧਾਉਣ ਲਈ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਤੇਜ ਕੀਤੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਦੇ ਹੋਏ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ 1 ਅਗਸਤ ਤੋਂ 7 ਅਗਸਤ 2025 ਤੱਕ ਸਾਰੇ ਸਿਹਤ ਕੇਂਦਰਾਂ ਵਿੱਚ ਅੰਤਰਰਾਸ਼ਟਰੀ ਸਤਨਪਾਨ ਹਫ਼ਤਾ (ਬ੍ਰੈਸਟ ਫੀਡਿੰਗ ਵੀਕ) ਮਨਾਇਆ ਜਾਵੇ। ਇਸ ਦੌਰਾਨ ਮਾਵਾਂ ਅਤੇ ਪਰਿਵਾਰਾਂ ਨੂੰ ਸਤਨਪਾਨ ਦੇ ਲਾਭ ਬਾਰੇ ਜਾਗਰੂਕ ਕੀਤਾ ਜਾਵੇ, ਅਤੇ ਹਰ ਸਿਹਤ ਸਥਾਨ ‘ਤੇ ਸਤਨਪਾਨ ਕਾਰਨਰ (ਬ੍ਰੈਸਟ ਫੀਡਿੰਗ ਕਾਰਨਰ) ਸਥਾਪਤ ਕਰਕੇ ਮਾਵਾਂ ਨੂੰ ਗੋਪਨੀਯਤਾ ਭਰਪੂਰ, ਆਰਾਮਦਾਇਕ ਵਾਤਾਵਰਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਤਨਪਾਨ ਨਵਜੰਮੇ ਬੱਚਿਆਂ ਦੀ ਪੌਸ਼ਟਿਕਤਾ, ਰੋਗ ਰੋਕੂ ਤਾਕਤ ਅਤੇ ਮਾਂ ਦੀ ਸਿਹਤ ਲਈ ਵੀ ਬਹੁਤ ਲਾਭਕਾਰੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਐਸ.ਐਮ.ਓ. ਆਈ ਮੋਬਾਈਨ ਯੂਨਿਟ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਟੀਬੀ ਅਫ਼ਸਰ ਡਾ. ਰੀਤੂ ਦਾਦਰਾ, ਡਿਪਟੀ ਐਮਈਆਈਓ ਅਸੀਮ ਸ਼ਰਮਾ, ਡੀਪੀਐਮ ਡਾ. ਸੁਖਵਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।