
ਜਲੰਧਰ (19.11.2025): ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸਣ ਦੀ ਗੰਭੀਰਤਾ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜਰੂਰੀ ਸਾਵਧਾਨੀਆਂ ਵਰਤਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਸਾਡੀ ਸਭ ਦੀ ਜਿੰਮੇਵਾਰੀ ਹੈ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾ ਪ੍ਰਦੂਸ਼ਣ ਦਾ ਛੋਟੇ ਬੱਚਿਆਂ, ਗਰਭਵਤੀ ਔਰਤਾਂ, 60 ਸਾਲ ਤੋਂ ਉੱਪਰ ਉਮਰ ਦੇ ਬਜੁਰਗਾਂ, ਸ਼ੂਗਰ, ਸਾਹ, ਦਮਾ, ਦਿਲ ਦੀਆਂ ਬਿਮਾਰੀਆਂ ਆਦਿ ਤੋਂ ਜਿਆਦਾ ਸਮੇਂ ਤੋਂ ਪੀੜਤਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਹਵਾ ਪ੍ਰੂਦਸ਼ਣ ਨਾਲ ਖੰਘ, ਸਾਹ ਚੜਨਾ, ਨਜ਼ਲਾ ਜੁਕਾਮ, ਅੱਖਾਂ ‘ਚ ਲਾਲੀ, ਖਾਰਿਸ਼, ਘਬਰਾਹਟ ਵਰਗੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਇਸ ਲਈ ਛੋਟੇ ਬੱਚਿਆਂ, ਬਜੁਰਗਾਂ, ਗਰਭਵਤੀ ਔਰਤਾਂ ਅਤੇ ਜਿਆਦਾ ਸਮੇਂ ਤੋਂ ਕਿਸੇ ਬਿਮਾਰੀ ਤੋਂ ਪੀੜਤਾਂ ਨੂੰ ਬਾਹਰੀ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਦੌਰਾਨ ਖਾਸ ਕਰਕੇ ਸਵੇਰੇ-ਸ਼ਾਮ ਬਾਹਰੀ ਗਤੀਵਿਧੀਆਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਅਤੇ ਪੂਰਾ ਤਨ ਢਕਣ ਵਾਲੇ ਕਪੜੇ ਪਹਿਨਣੇ ਚਾਹੀਦੇ ਹਨ, ਸੰਤੁਲਿਤ ਖੁਰਾਕ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਮਸ਼ੀਨਰੀ ਦੀ ਜਗ੍ਹਾ ਹੱਥੀ ਕੰਮ ਕਰਨ ਨੂੰ ਤਵੱਜੋ ਦੇਣੀ ਚਾਹੀਦੀ ਹੈ, ਜਿੰਨਾ ਜਿਆਦਾ ਹੋ ਸਕੇ ਪੈਟ੍ਰੋਲ-ਡੀਜਲ ਨਾਲ ਚਲਣ ਵਾਲੇ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਘਟ ਵਰਤੋਂ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਸਾਈਕਲ ਦੀ ਵਰਤੋ ਕੀਤੀ ਜਾਵੇ, ਪਰਾਲੀ ਨੂੰ ਅੱਗ ਨਾ ਲਾਉਣਾ, ਵੱਧ ਤੋ ਵੱਧ ਤੋਂ ਰੁੱਖ ਲਗਾਉਣੇ ਚਾਹੀਦੇ ਹਨ।