
ਜਲੰਧਰ, 9 ਸਤੰਬਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਲਗਾਤਾਰ ਬਾਰਿਸ਼ ਤੋਂ ਬਾਅਦ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਿਮਾਰੀਆਂ ਦੇ ਸੰਭਾਵੀ ਫੈਲਾਅ, ਖਾਸ ਕਰ ਡਾਇਰੀਆ ਲਈ ਤਿਆਰੀ ਕਰਨਾ ਸਮੇਂ ਦੀ ਲੋੜ ਹੈ। ਡਾ. ਸਿੰਘ ਨੇ ਅਧਿਕਾਰੀਆਂ ਨੂੰ ਬਿਮਾਰੀ ਫੈਲਣ ਤੋਂ ਰੋਕਣ ਲਈ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਨੂੰ ਤਰਜੀਹ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਮੌਜੂਦ ਸਨ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਢੁੱਕਵੀਂ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਮਜ਼ਬੂਤ ਹੜ੍ਹ ਕੰਟਰੋਲ ਪ੍ਰਬੰਧਾਂ ਸਦਕਾ ਜ਼ਿਲ੍ਹੇ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ, ਜਿਸ ਦੇ ਸਿੱਟੇ ਵਜੋਂ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਦੇ ਬਾਵਜੂਦ ਜ਼ਿਲ੍ਹੇ ਭਰ ਵਿੱਚ ਬੰਨ੍ਹ ਵਿੱਚ ਕੋਈ ਪਾੜ ਨਹੀਂ ਪਿਆ।
ਸਿਹਤ ਮੰਤਰੀ ਨੇ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਿਹਤ ਹੈਲਪਲਾਈਨ 104 ਡਾਇਲ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ 24 ਘੰਟੇ ਫੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਸਮਾਜਿਕ ਸੰਗਠਨਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਨੂੰ ਵੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਵੈ-ਇੱਛਾ ਨਾਲ ਗੋਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇਸ ਤੋਂ ਵੱਡਾ ਹੋਰ ਕੋਈ ਨੇਕ ਕਾਰਜ ਨਹੀਂ ਹੋ ਸਕਦਾ ।
ਡਾ. ਸਿੰਘ ਨੇ ਜਨਤਕ ਸਿਹਤ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਦਰਿਆ ਕੰਢੇ ਰਹਿੰਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਅਤੇ ਵੇਚਣ ਦੀ ਆਗਿਆ ਦੇਣ ਵਾਲੀ ਨਵੀਂ ਨੀਤੀ ਵਰਗੇ ਲੋਕ-ਪੱਖੀ ਕਦਮਾਂ ’ਤੇ ਚਾਨਣਾ ਪਾਇਆ।
ਐਨ.ਜੀ.ਓਜ਼ ਅਤੇ ਸਮਾਜ ਸੇਵੀਆਂ ਦੀ ਭੂਮਿਕਾ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਰੋਟਰੀ ਕਲੱਬ, ਡਿਵਾਈਨ ਓਂਕਾਰ ਮਿਸ਼ਨ ਯੂਕੇ ਅਤੇ ਅਮਰੀਕਾ ਤੋਂ ਸਮਾਜ ਸੇਵੀ ਅਮਰਜੀਤ ਸਿੰਘ ਸਮੇਤ ਸੰਗਠਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਸਮੂਹਿਕ ਤੌਰ ‘ਤੇ 30 ਚੈੱਕ ਸੌਂਪੇ।
ਸਿਹਤ ਮੰਤਰੀ ਨੇ ਕੇਂਦਰ ਸਰਕਾਰ ’ਤੇ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ ਕਰਨ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਬਹਾਲ ਕਰਨ ਲਈ ਇਹ ਫੰਡ ਬਹੁਤ ਮਹੱਤਵਪੂਰਣ ਹਨ।