
ਜਲੰਧਰ. 27 ਅਗਸਤ 2025 – ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੀ ਹਦਾਇਤ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਬਲਾਕ ਮਹਿਤਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਕੰਗ ਸਾਹਬੂ ਬੇਈਂ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦੌਰਾਨ ਸਿਹਤ ਵਿਭਾਗ ਜਲੰਧਰ ਦੀ ਟੀਮ ਦੀ ਸਮੇਂ ਸਿਰ ਕਾਰਵਾਈ ਸਦਕਾ ਇਸ ਹੜ੍ਹ ਪ੍ਰਭਾਵਿਤ ਖੇਤਰ ਦੀ ਗਰਭਵਤੀ ਮਹਿਲਾ ਵੱਲੋਂ ਸਿਵਲ ਹਸਪਤਾਲ ਜਲੰਧਰ ਵਿਖੇ ਬੱਚੇ ਨੂੰ ਸੁਰਖਿਅਤ ਜਨਮ ਦਿੱਤਾ ਗਿਆ। ਇਸ ਵਿਸ਼ੇਸ਼ ਕੈਂਪ ਦੌਰਾਨ 31 ਮਰੀਜਾਂ ਦੀ ਓ.ਪੀ.ਡੀ. ਕੀਤੀ ਗਈ ਅਤੇ ਲੋਕਾਂ ਨੂੰ ਸਿਹਤ ਟੀਮ ਵੱਲੋਂ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ।
ਕੈਂਪ ਦੌਰਾਨ 4 ਗਰਭਵਤੀ ਔਰਤਾਂ ਦਾ ਏ.ਐਨ.ਸੀ. ਚੈਕਅਪ ਕੀਤਾ ਗਿਆ। ਇਨ੍ਹਾਂ ਵਿੱਚੋਂ ਇਕ ਗਰਭਵਤੀ ਮਹਿਲਾ ਨੂੰ ਸਮੇਂ-ਸਿਰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਜਲੰਧਰ ਭੇਜਿਆ ਗਿਆ, ਜਿੱਥੇ ਉਸਨੇ ਸੁਰੱਖਿਅਤ ਤਰੀਕੇ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ। ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ।
ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਖੁਦ ਹਸਪਤਾਲ ਪਹੁੰਚ ਕੇ ਮਾਂ ਤੇ ਬੱਚੇ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਟੀਮ ਦੇ ਯਤਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਐਮ.ਈ.ਆਈ.ਓ. ਤਰਸੇਮ ਲਾਲ ਅਤੇ ਅਸੀਮ ਸ਼ਰਮਾ ਮੌਜੂਦ ਸਨ