ਜਲੰਧਰ (31-10-2025): ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ ਹਾਟਸਪਾਟ ਖੇਤਰ ਭਾਰਗੋ ਕੈਂਪ ਵਿਖੇ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਗਈ। ਇਸ ਦੌਰਾਨ ਸਕੂਲ ਆਫ ਐਮੀਨੈਂਸ ਭਾਰਗੋ ਕੈਂਪ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਵੀ ਜਾਗਰੂਕ ਕੀਤਾ ਗਿਆ। ਸਕੂਲ ਵਿਖੇ ਜਾਗਰੂਕਤਾ ਸੈਸ਼ਨ ਦੀ ਅਗਵਾਈ ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ ਵੱਲੋਂ ਕੀਤੀ ਗਈ। ਇਸ ਦੌਰਾਨ ਇਲਾਕੇ ਦੇ ਕੌਂਸਲਰ ਰਾਜਕੁਮਾਰ ਰਾਜੂ ਵਲੋਂ ਵੀ ਸਿਹਤ ਵਿਭਾਗ ਦੀ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਅੱਜ ਦੀ ਇਸ ਮੁਹਿੰਮ ਤਹਿਤ ਸਬੰਧਤ ਇਲਾਕੇ ਦੇ ਹਾਟਸਪਾਟ ਖੇਤਰਾਂ ‘ਚ ਐਂਟੀ ਲਾਰਵਾ ਟੀਮਾਂ ਵੱਲੋਂ ਸ਼ੱਕੀ ਥਾਵਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ ਵੱਲੋਂ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਡੇਂਗੂ ਰੋਕਥਾਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਕੂਲ ਅਤੇ ਆਪਣੇ ਆਲੇ-ਦੁਆਲੇ ਸਾਫ਼-ਸਫਾਈ ਦਾ ਪੂਰਾ ਧਿਆਨ ਰੱਖੋ ਅਤੇ ਟੁੱਟੇ ਬਰਤਨਾਂ, ਡਰੰਮਾ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖਿਆ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਪ੍ਰਤੀ ਸਾਨੂੰ ਖੁਦ ਵੀ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ। ਡੇਂਗੂ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰ੍ਹਾਂ ਨਾਲ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਮੱਛਰ ਦੇ ਕੱਟਣ ਤੋਂ ਬਚਾਓ ਲਈ ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਵਾਇਸ ਪ੍ਰਿੰਸੀਪਲ ਹਰਜੀਤ ਕੌਰ ਨੇ ਡੇਂਗੂ ਤੋਂ ਬਚਾਅ ਲਈ ਸਭ ਸੰਸਥਾਵਾਂ ਵਲੋਂ ਸਾਂਝੇ ਯਤਨ ਦੀ ਲੋੜ ਹੈ ਅਤੇ ਇਸ ਨੂੰ ਸਮਝਦੇ ਹੋਏ ਹਰ ਕਿਸੇ ਨੂੰ ਡੇਂਗੂ ਵਰਗੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਬੀ.ਸੀ.ਸੀ. ਕੌਆਰਡੀਨੇਟਰ ਨੀਰਜ ਸ਼ਰਮਾ, ਏ.ਐਨ.ਐਮ. ਬਲਬੀਰ ਕੌਰ, ਮੈਡਮ ਜੀਵਨ ਜੋਤੀ, ਸੁਖਪ੍ਰੀਤ ਕੌਰ, ਪਰਮਜੀਤ ਸਿੰਘ, ਸੰਤੋਸ਼, ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਅਤੇ ਆਸ਼ਾ ਵਰਕਰ ਮੌਜੂਦ ਸਨ।
ਜਿਕਰਯੋਗ ਹੈ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਸ਼ੁੱਕਰਵਾਰ ਨੂੰ ਜਿਲ੍ਹੇ ਵਿੱਚ ਕੁੱਲ 2571 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 732 ਘਰਾਂ ਅਤੇ ਪੇਂਡੂ ਖੇਤਰ ਵਿੱਚ 1839 ਘਰਾਂ ਦਾ ਸਰਵੇ ਕੀਤਾ ਗਿਆ। ਇਸ ਦੌਰਾਨ 8 ਘਰਾਂ ਅਤੇ 10 ਕੰਟੇਨਰਾਂ ਵਿੱਚ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।