
ਜਲੰਧਰ (28.11.2025) : ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਜਲੰਧਰ ਵੱਲੋਂ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਰੋਕਥਾਮ ਸਬੰਧੀ ਕਾਰਵਾਈ ਕੀਤੀ ਗਈ। ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਾਪਾਲ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਜਲੰਧਰ ਸ਼ਹਿਰ ਦੇ ਸਿਵਲ ਹਸਪਤਾਲ ਸਟਾਫ ਕਲੋਨੀ ਅਤੇ ਸੁਰਾਜਗੰਜ ਖੇਤਰ ਵਿੱਚ ਸੰਭਾਵਿਤ ਡੇਂਗੂ ਲਾਰਵਾ ਸਥਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ।
ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਾਪਾਲ ਵੱਲੋਂ ਲੋਕਾਂ ਨਾਲ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਹਥਿਆਰ ਸਾਫ਼-ਸਫ਼ਾਈ ਅਤੇ ਡੇਂਗੂ ਰੋਕਥਾਮ ਪ੍ਰਤੀ ਜਾਗਰੂਕ ਰਹਿ ਕੇ ਚੌਕਸ ਰਹਿਣਾ ਹੈ। ਉਨ੍ਹਾਂ ਕਿਹਾ ਕਿ ਘਰਾਂ ਦੇ ਆਸ-ਪਾਸ ਅਤੇ ਘਰਾਂ ਵਿਚ ਮੌਜੂਦ ਕੂਲਰਾਂ, ਗਮਲਿਆਂ, ਟੁੱਟੇ-ਭੱਜੇ ਬਰਤਨਾਂ ਅਤੇ ਟਾਇਰਾਂ ਵਿਚ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ। ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਊ ਕਰੀਮਾਂ ਦਾ ਇਸਤੇਮਾਲ ਅਤੇ ਸੋਣ ਸਮੇਂ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ ।
ਇਸ ਦੌਰਾਨ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਵੱਲੋਂ ਘਰਾਂ, ਛੱਤਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ਦਾ ਨਿਰੀਖਣ ਕਰਦੇ ਹੋਏ ਡੇਂਗੂ ਮੱਛਰ ਦੇ ਲਾਰਵਾ ਲਈ ਜਾਂਚ ਕੀਤੀ ਗਈ । ਜਿਕਰਯੋਗ ਹੈ ਕਿ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਦੇ ਤਹਿਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਮੱਛਰ ਦੇ ਪਨਪਣ ਵਾਲੀਆਂ ਸੰਭਾਵਿਤ ਥਾਵਾਂ ‘ਤੇ ਲਾਰਵਾ ਸਬੰਧੀ ਜਾਂਚ ਕੀਤੀ ਜਾਂਦੀ ਹੈ ਅਤੇ ਲਾਰਵਾ ਪਾਏ ਜਾਣ ਦੀ ਪੁਸ਼ਟੀ ਹੋਣ ‘ਤੇ ਉਸ ਨੂੰ ਨਿਰਧਾਰਿਤ ਤਰੀਕੇ ਨਾਲ ਨਸ਼ਟ ਕਰ ਦਿੱਤਾ ਜਾਂਦਾ ਹੈ।ਇਸ ਸੰਬੰਧੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜ਼ਰ ਵੱਖ ਵੱਖ ਖੇਤਰਾਂ ਵਿੱਚ ਫੋਗਿੰਗ ਵੀ ਕਰਵਾਈ ਜਾਂਦੀ ਹੈ।