ਜਲੰਧਰ (26-09-2025) ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਲਗਾਤਾਰ ਜਾਰੀ ਹੈ। ਇਸਦੇ ਤਹਿਤ ਸਿਵਲ ਸਰਜਨ (ਕਾਰਜਕਾਰੀ) ਜਲੰਧਰ ਡਾ. ਰਮਨ ਗੁਪਤਾ ਫੀਲਡ ਵਿੱਚ ਉਤਰ ਕੇ ਭਾਰਗੋ ਕੈਂਪ ਦੇ ਸਕੂਲ ਆਫ ਐਮੀਨੈਂਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਗੋ ਕੈਂਪ ਵਿੱਚ ਜਾਗਰੂਕਤਾ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ, ਪ੍ਰਿੰਸਿਪਲ ਦਿਨੇਸ਼ ਕੁਮਾਰ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਡਿਪਟੀ ਐਮਈਆਈਓ ਅਸੀਮ ਸ਼ਰਮਾ, ਕਮਿਊਨਟੀ ਫੈਸੀਲੀਟੇਟਰ ਮਿਸ ਸੁਮਨ (ਨਗਰ ਨਿਗਮ), ਜੋਗਿੰਦਰ ਸਿੰਘ, ਡਾ. ਅਸ਼ੋਕ ਸਹੋਤਾ, ਯੋਗੇਸ਼ ਨੰਦਾ, ਨਰਸਿੰਗ ਵਿਦਿਆਰਥਣਾਂ, ਏਐਨਐਮਜ਼, ਆਸ਼ਾ ਵਰਕਰਾਂ ਅਤੇ ਐਂਟੀ ਲਾਰਵਾ ਟੀਮਾਂ ਮੌਜੂਦ ਸਨ।
ਸਿਵਲ ਸਰਜਨ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਡੇਂਗੂ ਰੋਕਥਾਮ ਲਈ ਅੱਜ ਦੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਫੋਗਿੰਗ ‘ਤੇ ਖਾਸ ਜੋਰ ਦਿੱਤਾ ਗਿਆ। ਸਕੂਲ ਕੈਂਪਸ ਵਿੱਚ ਵਿਆਪਕ ਫੋਗਿੰਗ ਕੀਤੀ ਗਈ। ਇਸ ਦੇ ਨਾਲ ਹੀ ਗਰਲਜ਼ ਸਕੂਲ ਭਾਰਗੋ ਕੈਂਪ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੀ ਫੋਗਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਦਾ ਮੁੱਖ ਮੰਤਵ ਲੋਕਾਂ ਅਤੇ ਖ਼ਾਸ ਤੌਰ ‘ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਘਰ-ਘਰ ਤੱਕ ਡੇਂਗੂ ਤੋਂ ਬਚਾਅ ਦੇ ਫੈਲਾਅ ਨੂੰ ਰੋਕਣ ਦਾ ਸੰਦੇਸ਼ ਪਹੁੰਚ ਸਕੇ।
ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਵੱਲੋਂ ਸਕੂਲ ਆਫ ਐਮੀਨੈਂਸ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬਾਰੇ ਸਚੇਤ ਕਰਨ। ਬੱਚਿਆਂ ਨੂੰ ਦੱਸਿਆ ਗਿਆ ਕਿ ਉਹ ਘਰਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਦਾ ਪਾਣੀ ਹਫ਼ਤੇ ਵਿੱਚ ਇਕ ਵਾਰ ਜਰੂਰ ਬਦਲਣ ਅਤੇ ਮੱਛਰਾਂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨਣ, ਜਿਨ੍ਹਾਂ ਨਾਲ ਸਰੀਰ ਢੱਕਿਆ ਰਹੇ।
ਸਿਵਲ ਸਰਜਨ ਨੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਫ਼ ਪਾਣੀ ਵਿੱਚ ਡੇਂਗੂ ਮੱਛਰ ਦਾ ਲਾਰਵਾ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਦਫ਼ਤਰਾਂ ਦੇ ਆਲੇ-ਦੁਆਲੇ ਸਾਫ਼-ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਅਪੀਲ ਕੀਤੀ ਕਿ ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਸ਼ੁੱਕਰਵਾਰ ਨੂੰ ਜਿਲ੍ਹੇ ਵਿੱਚ ਕੁੱਲ 4896 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 848 ਘਰਾਂ ਅਤੇ ਪੇਂਡੂ ਖੇਤਰ ਵਿੱਚ 4048 ਘਰਾਂ ਦਾ ਸਰਵੇ ਹੋਇਆ। ਇਸ ਦੌਰਾਨ 22 ਥਾਵਾਂ ‘ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।