ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਕੌਮੀ ਸਪੋਕਸਪਰਸਨ ਸੁਖਮਿੰਦਰ ਸਿੰਘ ਰਾਜਪਾਲ ਨੇ ਅੱਜ ਜਲੰਧਰ ਸ਼ਹਿਰ ਦੇ ਤਹਿਸੀਲ ਕੰਪਲੈਕਸ ਸਥਿਤ ਸੇਵਾ ਕੇਂਦਰ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਕੰਮਕਾਜ ਦਾ ਰਿਐਲਿਟੀ ਚੈੱਕ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਬੋਰਡਾਂ ਰਾਹੀਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਬੰਧੀ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਸੇਵਾ ਕੇਂਦਰ ਦੇ ਅੰਦਰ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮ ਕਰਵਾਉਣ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਬੋਰਡਾਂ ’ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੋਕ 1076 ਨੰਬਰ ’ਤੇ ਫੋਨ ਕਰਕੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ, ਜਦਕਿ ਦੂਜੇ ਪਾਸੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਆ ਕੇ ਲੰਮੀਆਂ ਲਾਈਨਾਂ ਵਿੱਚ ਖੜ੍ਹਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰ ਕਾਊਂਟਰ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਵਾਲੇ ਬੋਰਡ ਲਗਾਏ ਗਏ ਹਨ। ਰਾਜਪਾਲ ਨੇ ਤੰਜ ਕੱਸਦਿਆਂ ਕਿਹਾ ਕਿ ਜਿਹੜੇ ਮੁੱਖ ਮੰਤਰੀ ਕਦੇ ਕਹਿੰਦੇ ਸਨ ਕਿ ਉਨ੍ਹਾਂ ਨੂੰ ਫੋਟੋ ਖਿਚਵਾਉਣ ਜਾਂ ਲਗਵਾਉਣ ਦਾ ਸ਼ੌਕ ਨਹੀਂ, ਅੱਜ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਹਰ ਪਾਸੇ ਨਜ਼ਰ ਆ ਰਹੀਆਂ ਹਨ।

ਰਾਜਪਾਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ’ਤੇ ਵਧੇਰੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ, ਅਖ਼ਬਾਰਾਂ ਵਿੱਚ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਬੋਰਡਾਂ ’ਤੇ ਪੈਸਾ ਖਰਚ ਕਰਨ ਨਾਲ ਪੰਜਾਬ ਦਾ ਭਲਾ ਨਹੀਂ ਹੋ ਸਕਦਾ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਹੀ ਵਾਅਦੇ ਕਰਨੇ ਚਾਹੀਦੇ ਹਨ, ਜਿਨ੍ਹਾਂ ਨੂੰ ਉਹ ਪੂਰਾ ਕਰਨ ਦੀ ਸਮਰੱਥਾ ਰੱਖਦੀ ਹੋਵੇ। ਰਾਜਪਾਲ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਮਝ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਸੇਵਾ ਕੇਂਦਰਾਂ ਦੀ ਸ਼ੁਰੂਆਤ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕੀਤੀ ਗਈ ਸੀ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਕਈ ਸੇਵਾ ਕੇਂਦਰ ਬੰਦ ਕਰਕੇ ਲੋਕਾਂ ਨੂੰ ਮੁੜ ਦੂਰ-ਦੁਰਾਡੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਲਈ ਮਜਬੂਰ ਕੀਤਾ ਹੈ।

ਰਾਜਪਾਲ ਨੇ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਕਈ ਥਾਵਾਂ ’ਤੇ ਇਹ ਕਲੀਨਿਕ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਦੀ ਬਜਾਏ ਸਿਹਤ, ਸਿੱਖਿਆ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ।

ਅੰਤ ਵਿੱਚ ਰਾਜਪਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਰਫ਼ ਇਸ਼ਤਿਹਾਰਾਂ ਅਤੇ ਬੋਰਡਾਂ ਨੂੰ ਦੇਖ ਕੇ ਸਰਕਾਰ ਦੇ ਕੰਮਕਾਜ ਦਾ ਮੁਲਾਂਕਣ ਨਾ ਕਰਨ, ਸਗੋਂ ਜ਼ਮੀਨੀ ਪੱਧਰ ’ਤੇ ਸਰਕਾਰੀ ਸੇਵਾਵਾਂ ਦੀ ਅਸਲ ਸਥਿਤੀ ਨੂੰ ਵੀ ਦੇਖਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸਰਕਾਰ ਦੇ ਦਾਅਵਿਆਂ ਅਤੇ ਕੰਮਕਾਜ ਦਾ ਖੁਦ ਹਿਸਾਬ ਲੈਣਗੇ।