
ਜਲੰਧਰ, 8 ਮਈ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਤਿੰਨ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਕਰਕੇ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਨਜਾਇਜ਼ ਸ਼ਰਾਬ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਜਿਵੇਂ ਕਿ ਹੈਰੋਇਨ, ਗੋਲੀਆਂ ਅਤੇ ਪਾਊਡਰ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਬਾਰੇ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਥਾਣਾ ਡਿਵੀਜ਼ਨ 4 ਜਲੰਧਰ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਨੰਬਰ 44 ਮਿਤੀ 07-05-2024 ਅਧੀਨ 61-1-14 ਆਬਕਾਰੀ ਐਕਟ, 21/22 ਐਨਡੀਪੀਐਸ ਐਕਟ, 25 ਅਸਲਾ ਐਕਟ ਦਰਜ ਕੀਤਾ ਗਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕੀਤਾ ਜਾ ਸਕੇ ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਕਰਕੇ ਵਰਿੰਦਰ ਕੁਮਾਰ ਉਰਫ਼ ਮੌਲਾ ਪੁੱਤਰ ਸੁਭਾਸ਼ ਚੰਦਰ ਵਾਸੀ ਨੰਬਰ 64/7 ਭਾਰਗੋ ਕੈਂਪ ਜਲੰਧਰ, ਜਤਿੰਦਰ ਕੁਮਾਰ @ ਜਿੰਦਰ ਪੁੱਤਰ ਸੁਭਾਸ਼ ਚੰਦਰ ਵਾਸੀ ਨੰਬਰ 64/7 ਭਾਰਗੋ ਕੈਂਪ ਜਲੰਧਰ ਅਤੇ ਰੋਹਿਤ ਕੁਮਾਰ ਉਰਫ ਕਾਕਾ ਪੁੱਤਰ ਸੁਭਾਸ਼ ਚੰਦਰ ਵਾਸੀ ਨੰਬਰ 64/7 ਭਾਰਗੋ ਕੈਂਪ , ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਕਈ ਕੇਸ ਦਰਜ ਕੀਤੇ ਗਏ ਹਨ, ਜੋ ਇਸ ਨੈਟਵਰਕ ਵਿੱਚ ਕੇਂਦਰੀ ਸ਼ਖਸੀਅਤਾਂ ਵਜੋਂ ਪਾਏ ਗਏ ਸਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਰਿੰਦਰ ਖ਼ਿਲਾਫ਼ ਛੇ ਅਤੇ ਰੋਹਿਤ ਕੁਮਾਰ ਖ਼ਿਲਾਫ਼ ਪੰਜ ਐਫਆਈਆਰ ਪਹਿਲਾਂ ਹੀ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਭਾਰਗੋ ਕੈਂਪ ਇਲਾਕੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।