
ਜਲੰਧਰ (14.10.2024): ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸੋਮਵਾਰ ਨੂੰ ਆਮ ਆਦਮੀ ਕਲੀਨਿਕ ਮਕਸੂਦਾਂ ਅਤੇ ਆਮ ਆਦਮੀ ਕਲੀਨਿਕ ਕਾਜੀ ਮੰਡੀ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਵੱਲੋਂ ਮਰੀਜਾਂ ਨਾਲ ਗੱਲਬਾਤ ਕਰਦਿਆਂ ਹੋਈਆਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਕਿ ਮਰੀਜਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਇਆ ਕਰਾਉਣ ਵਿੱਚ ਕੋਈ ਕੁਤਾਹੀ ਨਾ ਵਰਤਣ ਤੋਂ ਸਾਰੇ ਮਰੀਜਾਂ ਨਾਲ ਚੰਗਾ ਵਿਵਹਾਰ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੈਡੀਸਨ ਸਟਾਕ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵੱਲੋਂ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਮੈਡੀਸਨ ਸਟਾਕ ਖਤਮ ਹੋਣ ਤੋਂ ਪਹਿਲਾਂ ਹੀ ਉਸਦੀ ਡਿਮਾਂਡ ਭੇਜੀ ਜਾਵੇ ਤਾਂ ਜੋ ਮਰੀਜ਼ਾਂ ਨੂੰ ਇਲਾਜ ਦੌਰਾਨ ਪਰੇਸ਼ਾਨੀ ਪੇਸ਼ ਨਾ ਆਵੇ।
ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਭਰ ਵਿੱਚ ਪੰਜਾਬ ਸਰਕਾਰ ਵੱਲੋਂ ਖੋਲੀਆਂ 66 ਆਮ ਆਦਮੀ ਕਲੀਨਿਕਾਂ ਵਿੱਚੋਂ ਹੁਣ ਤੱਕ 15,98,534 ਮਰੀਜਾਂ ਨੇ ਲਾਭ ਲਿਆ ਹੈ ਅਤੇ 5,22,198 ਮਰੀਜਾਂ ਦੇ ਲੈਬਾਰਟਰੀ ਟੈਸਟ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਵੱਲੋਂ ਸਮੇਂ-ਸਮੇਂ ਸਿਰ ਆਮ ਆਦਮੀ ਕਲੀਨਿਕਾਂ ਵਿੱਚ ਵਿਜੀਟ ਕਰਦੇ ਹੋਏ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਲੋਕਾਂ ਵੱਲੋਂ ਵੀ ਆਮ ਆਦਮੀ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਸੰਤੁਸ਼ਟੀ ਜਾਹਿਰ ਕੀਤੀ ਗਈ।