ਜਲੰਧਰ/ਚੰਡੀਗੜ੍ਹ,4 ਮਾਰਚ,
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਚੰਡੀਗੜ੍ਹ ਮੋਰਚੇ ਨੂੰ ਅਸਫ਼ਲ ਬਣਾਉਣ ਲਈ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ, ਛਾਪੇਮਾਰੀਆਂ ਲਈ ਚਲਾਏ ਦਮਨ ਚੱਕਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਜ਼ਬਰ ਖਿਲਾਫ਼ 5 ਮਾਰਚ ਨੂੰ ਪੰਜਾਬ ਭਰ ਵਿੱਚ ਸੂਬਾ ਸਰਕਾਰ ਦੇ ਪੁਤਲੇ ਸਾੜਨ ਦਾ ਸੱਦਾ ਦਿੱਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਨੂੰ ਖੁੱਲ੍ਹੀ ਜੇਲ੍ਹ ਵਿੱਚ ਤਬਦੀਲ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਨੂੰ ਅਸਫ਼ਲ ਬਣਾਉਣ ਦਾ ਭਰਮ ਪਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੰਧ ਉੱਤੇ ਲਿਖਿਆ ਪੜ੍ਹ ਲਵੇ ਕਿ ਜਿੱਥੇ ਜ਼ਬਰ ਹੈ, ਉੱਥੇ ਟਾਕਰਾ ਵੀ ਹੈ,ਦੇ ਸਿਧਾਂਤ ਉੱਪਰ ਪੈਹਿਰਾ ਦਿੰਦੇ ਹੋਏ ਮਿਹਨਤੀ ਲੋਕ ਭਗਵੰਤ ਮਾਨ ਸਰਕਾਰ ਦੇ ਹਰ ਜ਼ਬਰ ਦਾ ਟਾਕਰਾ ਕਰਦੇ ਹੋਏ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਜੇਕਰ ਧਰਨੇ ਮੁਜ਼ਾਹਰੇ ਕਰਨੇ ਹਨ ਤਾਂ ਮੇਰੇ ਘਰ ਅੱਗੇ ਲਗਾਓ, ਹੁਣ ਜਦੋਂ ਕਿਸਾਨ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਘਰ ਅੱਗੇ ਮੋਰਚਾ ਲਗਾਉਣ ਜਾ ਰਹੇ ਹਨ ਤਾਂ ਉਹਨਾਂ ਦੀ ਫੜੋਫੜੀ,ਛਾਪੇਮਾਰੀਆਂ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਗਪੌੜ ਛੱਡ ਰਿਹਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਏ ਦਮਨ ਚੱਕਰ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਵੀ ਨੰਗਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਪੱਧਰ ਤੋਂ ਲੈ ਕੇ ਬਲਾਕ ਪੱਧਰੀ ਆਗੂਆਂ ਨੂੰ ਗ੍ਰਿਫ਼ਤਾਰ ਹੀ ਕੀਤਾ ਗਿਆ ਸਗੋਂ ਖ਼ੁਦ ਬੁਲਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਧਮਕੀ ਦੇਣਾ ਅਤੇ ਕਿਸਾਨੀ ਮੰਗਾਂ ਨੂੰ ਸਿਰੇ ਤੋਂ ਨਿਕਾਰਨਾ, ਮੁੱਖ ਮੰਤਰੀ ਵਲੋਂ ਅਹੁਦੇ ਦੀ ਮਰਿਆਦਾ ਦਾ ਉਲੰਘਣ ਵੀ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਖ਼ਿਲਾਫ਼ ਗਲਤ ਟਿੱਪਣੀਆਂ ਕਰਨ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦੇ ਕੇ ਜ਼ੁਬਾਨਬੰਦੀ ਕਰਨ ਦੀ ਕੋਝੀ ਕੋਸ਼ਿਸ਼ ਅਤਿ ਨਿੰਦਣਯੋਗ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।