
ਜਲੰਧਰ (15.07.2025): ਜਿਲ੍ਹੇ ‘ਚ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਐਸ.ਐਮ.ਓਜ਼ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਮੀਟਿੰਗ ਦੌਰਾਨ ਜਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਵੀ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਜਾਣਕਾਰੀ ਲਈ ਗਈ ਅਤੇ ਹਦਾਇਤ ਕੀਤੀ ਗਈ ਕਿ ਕੰਮਕਾਜ ਦੀ ਸੁਪਰਵਿਜ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਨੇ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਲੋੜੀਂਦੀ ਰਿਪੋਰਟਿੰਗ ਸਮੇਂ ਸਿਰ ਜਿਲ੍ਹਾ ਹੈਡਕਵਾਰਟਰ ਨੂੰ ਭੇਜਣਾ ਅਤੇ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਰਸਾਤੀ ਮੌਸਮ ਦੇ ਮੱਦੇਨਜਰ ਹੋਣ ਵਾਲੀਆਂ ਬੀਮਾਰੀਆਂ, 1 ਜੁਲਾਈ ਤੋਂ 31 ਅਗਸਤ ਤੱਕ ਚੱਲ ਰਹੀ ਦਸਤ ਰੋਕੋ ਮੁਹਿੰਮ, ਟੀਬੀ ਦੀ ਰੋਕਥਾਮ, ਨੈਸ਼ਨਲ ਵੈਕਟਰ ਐਂਡ ਵਾਟਰ ਬੋਰਨ ਕੰਟਰੋਲ ਪ੍ਰੋਗਰਾਮ ਦੇ ਅੰਤਰਗਤ ਮਲੇਰੀਆ, ਡੇਂਗੂ, ਚਿਕਨਗੁਨੀਆ ਦੀ ਰੋਕਥਾਮ ਸੰਬੰਧੀ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਪਿੰਡ ਪੱਧਰ ਤੇ ਹੁਣ ਵੀ.ਐਚ.ਐਸ.ਐਨ.ਸੀ. ਅਤੇ ਸ਼ਹਿਰੀ ਖੇਤਰਾਂ ਵਿੱਚ ਮਾਸ ਕਮੇਟੀਆਂ ਨਾਲ ਤਾਲਮੇਲ ਸਥਾਪਤ ਕਰਕੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ 24 ਜੁਲਾਈ ਤੱਕ ਵੱਖ -ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਸਾਰੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਸਿਵਲ ਸਰਜਨ ਵੱਲੋਂ “ਦਸਤ ਰੋਕੋ ਮੁਹਿੰਮ” ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਦਸਤ ਇੱਕ ਆਮ ਸਮੱਸਿਆ ਹੈ। ਇਸ ਦੇ ਹੋਣ ਦਾ ਮੁੱਖ ਕਾਰਨ ਵਾਇਰਲ ਜਾਂ ਬੈਕਟੀਰੀਆ ਇਨਫੈਕਸ਼ਨ ਹੁੰਦਾ ਹੈ। ਦੂਸ਼ਿਤ ਪਾਣੀ ਅਤੇ ਭੋਜਨ ਦੇ ਸੇਵਨ ਕਾਰਨ ਅਕਸਰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਦਸਤ ਦੇ ਕਾਰਨ ਮਨੁੱਖ ਦੇ ਸਰੀਰ ‘ਚ ਕਈ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਲੱਗਦੇ ਹਨ। ਇਨ੍ਹਾਂ ‘ਚ ਉਲਟੀ, ਡੀਹਾਈਡਰੇਸ਼ਨ, ਦਸਤ, ਪੇਟ ‘ਚ ਦਰਦ, ਬੁਖ਼ਾਰ, ਸੋਜ ਅਤੇ ਮਲ ‘ਚੋਂ ਖੂਨ ਆਉਣਾ ਆਦਿ ਸ਼ਾਮਲ ਹੈ। ਉਨ੍ਹਾਂ ਵੱਲੋਂ ਓ.ਆਰ.ਐਸ. ਦਾ ਘੋਲ ਬਣਾਉਣ ਅਤੇ ਪਿਲਾਉਣ ਦੀ ਵਿਧੀ ਸੰਬਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਪਤਲੇ ਦਸਤ ਹੋਣ ਦੀ ਸੂਰਤ ਵਿੱਚ ਜੇਕਰ ਓ.ਆਰ.ਐਸ. ਦਾ ਘੋਲ ਪਿਲਾਇਆ ਜਾਵੇ ਤਾਂ ਇਹ ਜੀਵਣ ਰੱਖਿਅਕ ਦਾ ਕੰਮ ਕਰਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਲੋਕ ਹਿੱਤ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਜਨ-ਜਾਗਰੂਕਤਾ ਵਧਾਉਣ ਲਈ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਤੇਜ ਕੀਤੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਦੇ ਹੋਏ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਸਰਵਿਲੈਂਸ ਮੈਡੀਕਲ ਅਫ਼ਸਰ ਗਗਨ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ, ਜਿਲ੍ਹਾ ਟੀਬੀ ਅਫ਼ਸਰ ਡਾ. ਰੀਤੂ ਦਾਦਰਾ ਡਿਪਟੀ ਐਮਈਆਈਓ ਅਸੀਮ ਸ਼ਰਮਾ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।