
ਜਲੰਧਰ (19.09.2025) – ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਈਐਸਆਈ ਵਿਖੇ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਗਈ। ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਅਤੇ ਮੈਡੀਕਲ ਸੁਪਰਡੈਂਟ ਡਾ. ਵੰਦਨਾ ਸੱਗਰ ਵੱਲੋਂ ਡੇਂਗੂ ਦਾ ਲਾਰਵਾ ਲੱਭਣ ਲਈ ਚਲਾਈ ਮੁਹਿੰਮ ਦੀ ਅਗਵਾਈ ਕੀਤੀ ਗਈ। ਐਂਟੀ ਲਾਰਵਾ ਟੀਮਾਂ ਨਾਲ ਮਿਲੇ ਕੇ ਉਨ੍ਹਾਂ ਵੱਲੋਂ ਈਐਸਆਈ ਵਿਖੇ ਵੱਖ-ਵੱਖ ਥਾਵਾਂ ‘ਤੇ ਪਾਣੀ ਨਾਲ ਭਰੇ ਵੱਖ-ਵੱਖ ਸ੍ਰੋਤਾਂ ਦੀ ਜਾਂਚ ਕਰਵਾਈ ਗਈ ਅਤੇ ਜਿਨ੍ਹਾਂ ਥਾਵਾਂ ‘ਤੇ ਲਾਰਵਾ ਮਿਲਿਆ ਉਸਨੂੰ ਮੌਕੇ ‘ਤੇ ਨਸ਼ਟ ਕਰਵਾਇਆ ਗਿਆ ਅਤੇ ਜਿਨ੍ਹਾਂ ਥਾਵਾਂ ‘ਤੇ ਪਾਣੀ ਖੜਾ ਸੀ, ਉੱਥੇ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਗਈ ਅਤੇ ਫੰਗਿੰਗ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਲਾਰਵੇ ਤੋਂ ਪੈਦਾ ਹੋਣ ਵਾਲਾ ਮੱਛਰ ਲੋਕਾਂ ਨੂੰ ਵੀ ਡੇਂਗੂ ਦੀ ਲਪੇਟ ‘ਚ ਲੈ ਸਕਦਾ। ਉਨ੍ਹਾਂ ਕਿਹਾ ਕਿ ਡੇਂਗੂ ‘ਤੇ ਕਾਬੂ ਪਾਉਣ ਲਈ ਹਰੇਕ ਨੂੰ ਸੁਚੇਤ ਹੋਣਾ ਜ਼ਰੂਰੀ ਹੈ। ਇਸ ਮੌਕੇ ਉਨ੍ਹਾ ਨਾਲ ਜਿਲ੍ਹਾ-ਐਪੀਡਮੋਲੋਜਿਸਟ ਡਾ. ਆਦਿਤਯਪਾਲ, ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ, ਐਸ.ਐਮ.ਓ. ਡਾ. ਗਗਨਦੀਪ, ਐਸ.ਐਮ.ਓ. ਡਾ. ਕਮਲਜੀਤ ਕੌਰ, ਐਸ.ਐਮ.ਓ. ਡਾ. ਅਮਿਤਾ ਲੂਨਾ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀਸੀਸੀ ਕੇਆਰਡੀਨੇਟਰ ਨੀਰਜ ਸ਼ਰਮਾ ਅਤੇ ਆਸ਼ਾ ਵਰਕਰ ਮੌਜੂਦ ਸਨ।
ਇਸ ਮੌਕੇ ਸਿਵਲ ਸਰਜਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਫਤੇ ਦੇ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ-ਫਰਾਈ ਡੇ ਵਜੋਂ ਮਨਾਉਂਦੇ ਹੋਏ ਘਰਾਂ-ਦਫਤਰਾਂ, ਦੁਕਾਨਾਂ ਆਦਿ ਥਾਵਾਂ ‘ਤੇ ਲੱਗੇ ਕੂਲਰਾਂ, ਗਮਲਿਆਂ, ਫ੍ਰਿਜ ਦੀ ਟ੍ਰੇ ਆਦਿ ਦੀ ਸਫਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਡੇਂਗੂ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰ੍ਹਾਂ ਨਾਲ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ, ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ। ਟੁੱਟੇ ਬਰਤਨਾਂ, ਡਰੰਮਾ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖਿਆ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ਜਨਵਰੀ 2025 ਤੋਂ ਹੁਣ ਤੱਕ ਕੁੱਲ 4,36,765 ਘਰਾਂ ਦਾ ਸਰਵੇ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਸ਼ਹਿਰੀ ਖੇਤਰ ਦੇ 1,89,635 ਘਰਾਂ ਅਤੇ ਪੇਂਡੂ ਖੇਤਰ ਦੇ 2,47,130 ਘਰਾਂ ਦਾ ਸਰਵੇ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ 1328 ਘਰਾਂ ਅਤੇ 1373 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਜਿਸਨੂੰ ਨਿਰਧਾਰਤ ਵਿਧੀ ਨਾਲ ਐਂਟੀ ਲਾਰਵਾ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇੱਕ ਨਵਾਂ ਕੇਸ ਅੱਜ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਜਨਵਰੀ ਤੋਂ ਹੁਣ ਤੱਕ ਜਿਲ੍ਹੇ ਵਿੱਚ ਡੇਂਗੂ ਦੇ 20 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਮਰੀਜ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 2 ਮਰੀਜ ਜੇਰੇ-ਇਲਾਜ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲੰਧਰ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਸੁੱਕਰਵਾਰ ਨੂੰ ਜਿਲ੍ਹੇ ਵਿੱਚ ਕੁੱਲ 7179 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 1163 ਘਰਾਂ ਅਤੇ ਪੇਂਡੂ ਖੇਤਰ ਵਿੱਚ 6016 ਘਰਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ 24 ਥਾਵਾਂ ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ।