
ਜਲੰਧਰ, 3 ਅਕਤੂਬਰ : ਆਉਣ ਵਾਲੀ 6, 7 ਅਤੇ 8 ਅਕਤੂਬਰ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਨੂੰ ਕਿਹਾ ਕਿ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਕਰ ਲਏ ਜਾਣ। ਖਾਸ ਕਰ ਨੀਂਵੇਂ ਇਲਾਕਿਆਂ ਸਮੇਤ ਜਿਥੇ-ਜਿਥੇ ਪਾਣੀ ਜਮ੍ਹਾ ਹੋਣ ਦੀ ਸੰਭਾਵਨਾ ਹੈ, ਉਥੇ ਲੋੜੀਂਦੀ ਮਸ਼ੀਨਰੀ ਲਈ ਅਗਾਊਂ ਹੀ ਪ੍ਰਬੰਧ ਕਰ ਲਿਆ ਜਾਵੇ ਤਾਂ ਜੋ ਪਾਣੀ ਜਮ੍ਹਾ ਹੋਣ ਦੀ ਸਥਿਤੀ ਵਿੱਚ ਲੋੜ ਪੈਣ ’ਤੇ ਮਸ਼ੀਨਰੀ ਨੂੰ ਤੁਰੰਤ ਤਾਇਨਾਤ ਕੀਤਾ ਜਾ ਸਕੇ। ਉਨ੍ਹਾਂ ਸਲਿੱਪ ਸੜਕਾਂ ’ਤੇ ਵਿਸ਼ੇਸ਼ ਨਜ਼ਰ ਰੱਖਣ ਦੀ ਹਦਾਇਤ ਕੀਤੀ।
ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਪਿੰਗ ਸਟੇਸ਼ਨਾਂ ਦੇ ਨਿਰਵਿਘਨ ਸੰਚਾਲਨ ਲਈ ਐਸ.ਟੀ.ਪੀਜ਼ ’ਤੇ ਬਿਜਲੀ ਦਾ ਬੈਕਅਪ ਲਾਜ਼ਮੀ ਤੌਰ ’ਤੇ ਉਪਲਬਧ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਤਕਨੀਕੀ ਖ਼ਰਾਬੀ ਜਾਂ ਬਿਜਲੀ ਸਪਲਾਈ ਬੰਦ ਹੋਣ ਦੀ ਸੂਰਤ ਵਿੱਚ ਪਾਣੀ ਦੀ ਨਿਕਾਸੀ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਇਸ ਮੌਕੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਵੀ ਮੌਜੂਦ ਸਨ।
ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਸਤਲੁਜ ਦਰਿਆ ਦੇ ਨਾਲ ਲੱਗਦੇ ਨਾਜ਼ੁਕ ਖੇਤਰਾਂ ਵਿੱਚ ਲੋਕਾਂ ਨੂੰ ਸੰਭਾਵੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਅਹਿਤਿਆਤ ਵਰਤਣ ਲਈ ਸੁਚੇਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਲੋਕਾਂ ਨੂੰ ਉੱਚੀਆਂ ਤੇ ਸੁਰੱਖਿਅਤ ਥਾਵਾਂ ’ਤੇ ਲਿਜਾਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਜਾਣ। ਇਸ ਤੋਂ ਇਲਾਵਾ ਜਿਥੇ ਕਿਤੇ ਦਰਿਆ ਦੇ ਕਿਨਾਰਿਆਂ ਦੇ ਮਜ਼ਬੂਤੀਕਰਨ ਦੀ ਲੋੜ ਹੈ, ਤੁਰੰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।
ਉਨ੍ਹਾਂ ਵੇਈਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਵਿਸ਼ੇਸ਼ ਤਵਜੋਂ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੇਤ ਕਰਨ ਦੇ ਨਾਲ-ਨਾਲ ਲੋੜੀਂਦੀ ਮਸ਼ੀਨਰੀ ਉਪਲਬਧ ਹੋਣੀ ਚਾਹੀਦੀ ਹੈ ਤਾਂ ਜੋ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ 6 ਅਤੇ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਮਾਗਮਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਸੜਕਾਂ ਦੀ ਮੁਰੰਮਤ ਦੀ ਲੋੜ ਹੈ, ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਮੰਡਾਲਾ ਛੰਨਾ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਡੀਸਿਲਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਕੱਚੇ ਹਨ ਜਾਂ ਹਾਲ ਹੀ ਵਿੱਚ ਹੋਈਆਂ ਬਾਰਿਸ਼ਾਂ ਕਾਰਨ ਕਮਜ਼ੋਰ ਹੋ ਚੁੱਕੇ ਹਨ, ਉਹ ਭਾਰੀ ਬਾਰਿਸ਼ ਦੇ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਅਹਿਤਿਆਤ ਵਰਤਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੀ ਵਚਨਬੱਧਤਾ ਦੁਹਰਾਉਂਦਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਖ਼ਤਾ ਬੰਦੋਬਸਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਲਾਲ ਵਿਸ਼ਵਾਸ ਬੈਂਸ ਅਤੇ ਸ਼ੁਭੀ ਆਂਗਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।