
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਅਤੇ ਐਨ.ਐਸ.ਐਸ. ਯੂਨਿਟ ਨੇ ਰੋਟਰੀ ਕਲੱਬ ਜਲੰਧਰ ਹੈਲਪਿੰਗ ਹੈਂਡਸ ਗਰੁੱਪ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੀ ਸਰਵਉੱਚ ਸ਼ਹਾਦਤ ਦੀ ਯਾਦ ਵਿੱਚ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ। ਸਮਾਗਮ ਦੇ ਮੁੱਖ ਮਹਿਮਾਨ ਸਵਾਮੀ ਸ਼ਾਂਤਾਨੰਦ ਜੀ ਉਦਾਸੀਨ ਦਾ ਸਵਾਗਤ ਕਾਲਜ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਪ੍ਰਧਾਨ ਰੋਟੇਰੀਅਨ ਡਾ. ਮਨਦੀਪ ਸਿੰਘ ਅਤੇ ਪ੍ਰਬੰਧਕ ਕਮੇਟੀ ਨੇ ਕੀਤਾ। ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਮੌਜੂਦਾ ਸਮੇਂ ਵਿੱਚ, ਜਦੋਂ ਅਸਹਿਣਸ਼ੀਲਤਾ ਤੇਜ਼ੀ ਨਾਲ ਵਧ ਰਹੀ ਹੈ, ਪਰਉਪਕਾਰੀ ਪਹੁੰਚ ਅਪਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀਆਂ ਕੁਰਬਾਨੀਆਂ ਤੋਂ ਸਬਰ, ਮਨੁੱਖੀ ਅਧਿਕਾਰਾਂ ਦੇ ਪ੍ਰਚਾਰ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸਬਕ ਸਿੱਖਣ ਦੀ ਲੋੜ ਹੈ। ਸਮਾਗਮ ਦੇ ਮੁੱਖ ਮਹਿਮਾਨ ਸਵਾਮੀ ਜੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਸੰਖੇਪ ਵਿੱਚ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਮਾਜ ਦੀ ਭਲਾਈ ਦੇ ਸੰਕਲਪ ਨੂੰ ਅਪਣਾਉਣ ਅਤੇ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਪ੍ਰੋ. ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਲਈ 90 ਤੋਂ ਵੱਧ ਭਾਗੀਦਾਰਾਂ ਨੇ ਰਜਿਸਟਰੇਸ਼ਨ ਕਰਵਾਈ ਅਤੇ ਜਲੰਧਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ 35 ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਵਿਸ਼ੇ ‘ਤੇ ਹੋਏ ਇਸ ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲਿਆ। ਪ੍ਰੋ. ਮਨਦੀਪ ਸਿੰਘ ਅਤੇ ਸ੍ਰੀ ਹਰਵਿੰਦਰ ਸਿੰਘ ਨੇ ਇਸ ਮੁਕਾਬਲੇ ਵਿਚ ਜੱਜਾਂ ਦੀ ਭੂਮਿਕਾ ਨਿਭਾਈ। ਐਨ.ਐਸ.ਐਸ ਪ੍ਰੋਗਰਾਮ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਸੁਖਰਾਜ ਦੀਪ ਕੌਰ, ਏਕਤਾ ਪਾਂਡੇ ਅਤੇ ਵੰਸ਼ਿਕਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸੰਜਨਾ, ਕਲਪਨਾ ਅਤੇ ਗੁਰਵੀਰ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤੇ ਗਏ। ਰੋਟੇਰੀਅਨ ਡਾ. ਮਨਦੀਪ ਸਿੰਘ ਨੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਕਾਲਜ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਟੇਜ ਦੀ ਜ਼ਿੰਮੇਵਾਰੀ ਰੋਟੇਰੀਅਨ ਕੇ.ਐਸ. ਔਜਲਾ ਨੇ ਸੰਭਾਲੀ। ਇਸ ਸਮਾਗਮ ਦੌਰਾਨ, ਡਾ. ਹਰਮੀਤ ਕੌਰ ਰਿਆਤ, ਸਹਾਇਕ ਗਵਰਨਰ ਰੋਟਰੀ ਕਲੱਬ ਐਸ.ਕੇ. ਬਾਂਸਲ, ਸ੍ਰੀ ਹਰਮਿੰਦਰ ਸਿੰਘ ਸਿਦਾਨਾ, ਸ੍ਰੀਮਤੀ ਰੁਚੀ ਗੌੜ, ਸ੍ਰੀ ਰਾਜੇਸ਼ ਬਾਹਰੀ, ਉੱਘੇ ਸਮਾਜ ਸੇਵਕ ਸ੍ਰੀ ਸੁਰਿੰਦਰ ਸੈਣੀ, ਕਾਲਜ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।