ਜਲੰਧਰ (18.12.2025) : ਵੱਧ ਰਹੀ ਸਰਦੀ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਵੱਲੋਂ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਇਸ ਮੌਸਮ ਦੌਰਾਨ ਗਰਭਵਤੀ ਮਹਿਲਾਵਾਂ, ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਮੌਸਮ ‘ਚ ਬਦਲਾਅ ਆਉਣ ਕਾਰਨ ਸਰਦੀ ਵੱਧਣ ਅਤੇ ਠੰਡੀਆਂ ਹਵਾਵਾਂ ਚੱਲਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ ਅਤੇ ਅਜਿਹੇ ਵਿੱਚ ਸਾਨੂੰ ਜਾਗਰੂਕ ਰਹਿੰਦੇ ਹੋਏ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸ਼ੀਤ ਲਹਿਰ ਦੇ ਸਰੀਰ ‘ਤੇ ਗੰਭੀਰ ਨਕਾਰਾਤਮਕ ਅਸਰ ਪੈ ਸਕਦੇ ਹਨ, ਜਿਸ ਨਾਲ ਸਰੀਰ ਦਾ ਤਾਪਮਾਨ ਘਟ ਜਾਣਾ, ਕੰਬਣੀ ਛਿੜਨਾ, ਕਮਜ਼ੋਰੀ, ਯਾਦਾਸ਼ਤ ਪ੍ਰਭਾਵਿਤ ਹੋਣਾ ਅਤੇ ਕਈ ਵਾਰ ਬੇਹੋਸ਼ੀ ਵਰਗੇ ਲੱਛਣ ਵੀ ਸਾਹਮਣੇ ਆ ਸਕਦੇ ਹਨ ਅਤੇ ਇੰਫੈਕਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ੀਤ ਲਹਿਰ ਤੋਂ ਬਚਣ ਲਈ ਗਰਮ ਕੱਪੜੇ ਲਾਜ਼ਮੀ ਪਾਏ ਜਾਣ, ਸਰਦੀ ਵਿੱਚ ਦਸਤਾਨੇ, ਟੋਪੀ, ਮਫਲਰ ਅਤੇ ਜੁਰਾਬਾਂ-ਬੂਟ ਠੰਡੀਆਂ ਹਵਾਵਾਂ ਤੋਂ ਬਚਣ ਵਿਚ ਸਹਾਈ ਹੁੰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਅਤੇ ਨਾ ਹੀ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਚਾਹੀਦਾ ਹੈ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਘਾਤਕ ਵੀ ਸਾਬਤ ਹੋ ਸਕਦੀ ਹੈ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸਰਦੀ ਵਿੱਚ ਗਰਭਵਤੀ ਔਰਤਾਂ, ਬਜੁਰਗਾਂ ਅਤੇ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਛੋਟੇ ਬੱਚਿਆਂ ਨੂੰ ਸਰਦ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ। ਕਰੋਨਿਕ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈੱਸ਼ਰ ਅਤੇ ਸਾਹ ਦੀ ਤਕਲੀਫ ਦੇ ਮਰੀਜ, ਛੋਟੀ ਉਮਰ ਦੇ ਬੱਚੇ, ਗਰਭਵਤੀ ਔਰਤਾਂ ਅਤੇ ਬਜੁਰਗ ਵਿਅਕਤੀ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਉਨ੍ਹਾਂ ਦਾ ਖਾਸ ਖਿਆਲ ਰੱਖਿਆ ਜਾਵੇ। ਸਰਦੀਆਂ ਦੇ ਦਿਨਾਂ ਵਿੱਚ ਦਮਾ, ਸਾਹ, ਦਿਲ ਦੇ ਰੋਗਾਂ ਦੇ ਮਰੀਜ ਅਤੇ ਬਜੁਰਗ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।
ਸਿਵਲ ਸਰਜਨ ਨੇ ਕਿਹਾ ਕਿ ਸਰੀਰ ‘ਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਲੋਕ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦਾ ਸੇਵਨ ਕਰਨ, ਵਿਟਾਮਿਨ ਸੀ ਨਾਲ ਭਰਪੂਰ ਮੌਸਮੀ ਫਲਾਂ ਅਤੇ ਹਰੀ ਸਬਜ਼ੀਆਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ਅਤੇ ਜੰਕ ਫੂਡ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ। ਭੋਜਨ ਹਮੇਸ਼ਾ ਤਾਜ਼ਾ ਬਣਿਆ ਹੋਇਆ ਹੀ ਖਾਧਾ ਜਾਵੇ। ਗਰਮ ਪਾਣੀ, ਸੂਪ ਆਦਿ ਦਾ ਸੇਵਨ ਕੀਤਾ ਜਾਵੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦੀ ਮਾਤਰਾ ਵਿੱਚ ਗਰਮ ਗੁਨਗੁਨਾ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੀਤ ਲਹਿਰ ਦੇ ਸਮੇਂ ਸਰੀਰ ਦਾ ਤਾਪਮਾਨ ਘੱਟ ਹੋਣ, ਕੰਬਣੀ ਲੱਗਣ, ਯਾਦਾਸ਼ਤ ਚਲੇ ਜਾਣ, ਬੇਹੋਸ਼ੀ, ਜੁਬਾਨ ਦਾ ਲੜਖੜਾਨਾ ਆਦਿ ਦੇ ਲੱਛਣ ਦਿਸਣ ਅਤੇ ਫਲੂ, ਸਰਦੀ, ਖੰਘ ਅਤੇ ਜੁਕਾਮ ਆਦਿ ਹੋ ਜਾਣ ‘ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰੀ ਸਹਾਇਤਾ ਲਈ ਜਾਵੇ।