ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ ਹਦਾਇਤਾਂ ਅਤੇ ਰਹਿਨੁਮਾਈ ਹੇਠ ਜਥੇਬੰਦੀ ਨੂੰ ਜਥੇਬੰਦਕ ਰੂਪ ਵਿੱਚ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਜਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਅਮਰਜੀਤ ਸਿੰਘ ਕਿਸ਼ਨਪੁਰਾ ਅਤੇ ਜਿਲ੍ਹਾ ਜਲੰਧਰ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਸ. ਸੁਖਵੰਤ ਸਿੰਘ ਰੌਲੀ ਵੱਲੋਂ ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਪੰਥਕ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਜੀ ਦੇ ਗ੍ਰਹਿ ਵਿਖੇ ਪਹੁੰਚੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਵਡਾਲਾ ਜੀ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਪਾਰਟੀ ਇੱਕ ਨਵੀਂ ਊਰਜਾ ਨਾਲ ਅੱਗੇ ਵਧ ਰਹੀ ਹੈ ਅਤੇ ਇਨ੍ਹਾਂ ਮਿਹਨਤੀ ਆਗੂਆਂ ਦੀ ਨਿਯੁਕਤੀ ਨਾਲ ਜਲੰਧਰ ਜਿਲ੍ਹੇ ਵਿੱਚ ਪਾਰਟੀ ਦਾ ਅਧਾਰ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਆਗੂਆਂ ਨੂੰ ਪਾਰਟੀ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਜੀ ਵੱਲੋਂ ਸ. ਅਮਰਜੀਤ ਸਿੰਘ ਕਿਸ਼ਨਪੁਰਾ ਅਤੇ ਸ. ਸੁਖਵੰਤ ਸਿੰਘ ਰੌਲੀ ਨੂੰ ਉਨ੍ਹਾਂ ਦੀ ਨਵੀਂ ਮਿਲੀ ਜ਼ਿੰਮੇਵਾਰੀ ਅਤੇ ਪੰਥਕ ਸੇਵਾਵਾਂ ਲਈ ਗੁਰੂ ਬਖਸ਼ਿਸ਼ ‘ਸਿਰੋਪਾਓ’ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਵਡਾਲਾ ਜੀ ਨੇ ਕਿਹਾ ਕਿ ਪਾਰਟੀ ਲਈ ਤਿਆਗ ਅਤੇ ਲਗਨ ਨਾਲ ਕੰਮ ਕਰਨ ਵਾਲੇ ਵਰਕਰਾਂ ਦਾ ਮਾਣ-ਸਤਿਕਾਰ ਕਰਨਾ ਸਾਡੀ ਪੁਰਾਤਨ ਰਵਾਇਤ ਹੈ, ਜੋ ਨਵੇਂ ਆਗੂਆਂ ਵਿੱਚ ਉਤਸ਼ਾਹ ਪੈਦਾ ਕਰਦਾ ਹੈ।

ਮੁਲਾਕਾਤ ਦੌਰਾਨ ਨਵ-ਨਿਯੁਕਤ ਪ੍ਰਧਾਨਾਂ ਨੇ ਜਥੇਦਾਰ ਵਡਾਲਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਜਲਦ ਹੀ ਇਕਾਈਆਂ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਪੰਥਕ ਹਿੱਤਾਂ ਲਈ ਹਮੇਸ਼ਾ ਤਤਪਰ ਰਿਹਾ ਜਾਵੇਗਾ। ਇਸ ਦੌਰਾਨ ਪਾਰਟੀ ਦੇ ਕਈ ਹੋਰ ਸਥਾਨਕ ਆਗੂ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੀਆਂ ਨਿਯੁਕਤੀਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਅੰਤ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਇਨ੍ਹਾਂ ਦੋਵਾਂ ਆਗੂਆਂ ਨੂੰ ਸੁਮੱਤ ਅਤੇ ਬਲ ਬਖਸ਼ਣ ਤਾਂ ਜੋ ਉਹ ਪੰਥ ਅਤੇ ਪਾਰਟੀ ਦੀਆਂ ਉਮੀਦਾਂ ‘ਤੇ ਖ਼ਰੇ ਉਤਰ ਸਕਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹਨਾਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜਿਲ੍ਹਾ ਜਲੰਧਰ ਵਿੱਚ ਇੱਕ ਨਵੀਂ ਸਿਆਸੀ ਅਤੇ ਧਾਰਮਿਕ ਲਹਿਰ ਪੈਦਾ ਕਰੇਗਾ, ਜਿਸ ਨਾਲ ਪਾਰਟੀ ਦੀ ਚੜ੍ਹਦੀ ਕਲਾ ਯਕੀਨੀ ਹੋਵੇਗੀ।