
ਜਲੰਧਰ (08-01-2026): ਜਿਲ੍ਹੇ ਵਿੱਚ ਪੀ.ਸੀ. – ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਵਿੱਚ ਸਿਵਲ ਸਰਜਨ ਦਫਤਰ ਵਿਖੇ ਵੀਰਵਾਰ ਨੂੰ ਜਿਲ੍ਹਾ ਐਡਵਾਇਜ਼ਰੀ ਕਮੇਟੀ (ਪੀ.ਸੀ.-ਪੀ.ਐੱਨ.ਡੀ.ਟੀ.) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 5 ਨਵੇਂ ਸਕੈਨ ਸੈਂਟਰਾਂ ਵੱਲੋਂ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਲਈ ਅਰਜੀਆਂ ਪ੍ਰਾਪਤ ਹੋਈਆਂ ਸਨ। ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਧੀਨ ਜਿਨ੍ਹਾਂ ਦੇ ਲੋੜੀਂਦੇ ਦਸਤਾਵੇਜ ਪੂਰੇ ਸਨ। ਜਿਲ੍ਹਾ ਐਡਵਾਇਜਰੀ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਇਨ੍ਹਾਂ ਸਕੈਨ ਸੈਂਟਰ ਨੂੰ ਮਨਜੂਰੀ ਦੇ ਦਿੱਤੀ ਗਈ। ਇਸਦੇ ਨਾਲ ਹੀ 6 ਸਕੈਨ ਸੈਂਟਰਾਂ ਵੱਲੋਂ ਸੈਂਟਰਾਂ ਦੀ ਰਜਿਸਟ੍ਰੇਸ਼ਨ ਰੀਨਿਊਲ ਕਰਵਾਉਣ ਲਈ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਸਨ। ਮੀਟਿੰਗ ਦੌਰਾਨ ਸਮੂਹ ਜਿਲ੍ਹਾ ਐਡਵਾਇਜ਼ਰੀ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਇਨ੍ਹਾਂ 6 ਸੈਂਟਰਾਂ ਦੀ ਅਰਜ਼ੀਆਂ ‘ਤੇ ਵਿਚਾਰ ਕਰਦੇ ਹੋਏ ਰੀਨਿਊਲ ਦੀ ਮਨਜੂਰੀ ਦੇ ਦਿੱਤੀ ਗਈ।
ਸਿਵਲ ਸਰਜਨ ਨੇ ਕਿਹਾ ਕਿ ਜਿਲ੍ਹੇ ਵਿੱਚ ਪੀ.ਸੀ.-ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਹੈ ਅਤੇ ਇਸ ਜ਼ੁਰਮ ਵਿੱਚ ਪਾਏ ਗਏ ਦੋਸ਼ੀਆਂ ਖਿਲਾਫ ਪੀ.ਸੀ. ਪੀ.ਐੇਨ.ਡੀ.ਟੀ. ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਿਹਤ ਵਿਭਾਗ ਗੰਭੀਰ ਹੈ, ਇਹ ਇੱਕ ਸਮਾਜਿਕ ਬੁਰਾਈ ਹੈ, ਇਸਨੂੰ ਖਤਮ ਕਰਨ ਲਈ ਹਰ ਵਰਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਾ. ਵਰਿੰਦਰ ਕੌਰ ਥਿੰਦ (ਗਾਇਨੀ) ਐਸ.ਐਮ.ਓ., ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਅਭਿਨਵ ਸ਼ੂਰ, ਡਾ. ਮੋਹਿਤ ਚੰਦਰ, ਸਹਾਇਕ ਜਿਲ੍ਹਾ ਅਟਾਰਨੀ ਗਗਨਦੀਪ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਭਾਟੀਆ, ਸ੍ਰੀਮਤੀ ਪਰਵੀਨ ਅਬਰੋਲ ਸੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਪੀ.ਸੀ.-ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੋਰਿਆ ਮੌਜੂਦ ਸਨ।