ਜਲੰਧਰ, 13 ਮਾਰਚ:

ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਵਾਰਡ ਨੰਬਰ 40, 51, 57 ਅਤੇ 60 ਵਿਖੇ ਕਰੀਬ ਸਾਢੇ 5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਲਈ ਵਚਨਬੱਧ ਹੈ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਗਲੀਆਂ ਅਤੇ ਸੜਕਾਂ ਨੂੰ ਨਵੀਂ ਦਿੱਖ ਦੇਣ ਲਈ ਸਬੰਧਿਤ ਅਧਿਕਾਰੀਆਂ ਨੂੰ ਤੈਅ ਮਾਪਦੰਡਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਕਰੀਬ 1300 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਬਾਗ਼ਬਾਨੀ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਤਜਰਬੇਕਾਰ ਡਾਕਟਰਾਂ ਦੀ ਸੇਵਾ ਮਿਲ ਰਹੀ ਹੈ।

ਮੇਅਰ ਵਿਨੀਤ ਧੀਰ ਨੇ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ਉਤੇ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਦੁਹਰਾਈ।
—–