ਜਲੰਧਰ (07-04-2026): “ਵਿਸ਼ਵ ਸਿਹਤ ਦਿਵਸ” ਮੋਕੇ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਦੀ ਪ੍ਰਧਾਨਗੀ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ, ਸਿਵਲ ਹਸਪਤਾਲ, ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਨਰਸਿੰਗ ਵਿਦਿਆਰਥਣਾਂ ਨੂੰ ਮਾਨਸਿਕ ਤੇ ਸਰੀਰਕ ਤੌਰ ‘ਤੇ ਸਵਸਥ ਰਹਿਣ ਦੇ ਨੁਕਤੇ ਦੱਸਦੇ ਹੋਏ ਸਿਹਤਮੰਦ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਦੇ ਮਹੱਤਵ ਪ੍ਰਤੀ ਜਾਗਰੂਕ ਕੀਤਾ ਗਿਆ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਵਾਰ “ਵਿਸ਼ਵ ਸਿਹਤ ਦਿਵਸ” ਨੂੰ “ਸਿਹਤ ਲਈ ਇਕੱਠੇ ਹੋਵੋ, ਵਿਗਿਆਨ ਦੇ ਨਾਲ ਖੜੇ ਹੋਵੋ (Together for Health, Stand for Science)” ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਮਾਨਸਿਕ ਤੇ ਸਰੀਰਕ ਤੌਰ ਤੇ ਸਿਹਤਮੰਦ ਰਹਿਣ ਦੇ ਤਰੀਕੇ ਦੱਸੇ ਗਏ। ਉਨ੍ਹਾਂ ਦੱਸਿਆ ਕਿ ਅੱਜ ਦੀ ਤੇਜ ਰਫ਼ਤਾਰ ਜਿੰਦਗੀ ਵਿੱਚ ਅਸੀਂ ਆਪਣੀ ਸਿਹਤ ਪ੍ਰਤੀ ਜਿਆਦਾ ਸੁਚੇਤ ਨਹੀਂ ਰਹਿੰਦੇ, ਜਿਸ ਕਾਰਨ ਅਸੀਂ ਛੋਟੀਆਂ-ਛੋਟੀਆਂ ਸਿਹਤ ਸਮੱਸਿਆਵਾਂ ਨੂੰ ਅਣਦੇਖਾ ਕਰ ਦਿੰਦੇ ਹਾਂ ਜੋ ਕਿ ਅੱਗੇ ਜਾ ਕੇ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਹੈ ਤਾਂ ਸਭ ਕੁੱਝ ਹੈ, ਇਸ ਲਈ ਸਮੇਂ ਸਿਰ ਡਾਕਟਰੀ ਸਲਾਹ ਮੁਤਾਬਕ ਆਪਣੀ ਸਿਹਤ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸਦੇ ਨਾਲ ਹੀ ਸਾਨੂੰ ਆਪਣੀ ਅਤੇ ਆਪਣੇ ਆਲੇ-ਦੁਆਲੇ ਦੀ ਸਾਫ਼-ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਨਰਸਿੰਗ ਵਿਦਿਆਰਥਣਾਂ ਨੂੰ ਨਰਸਿੰਗ ਦੀ ਪੜਾਈ ਦੌਰਾਨ ਫੀਲਡ ਵਿਜਿਟ ਦੌਰਾਨ ਕਮਿਊਨਿਟੀ ਵਿੱਚ ਜਾ ਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਵੀ ਵਿਦਿਆਰਥਣਾਂ ਨੂੰ ਇਮਊਨਾਇਜੇਸ਼ਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਸਿਹਤ ਵਿਭਾਗ ਵੱਲੋ ਚਲਾਈ ਜਾ ਰਹੀ ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਦੀ ਮਹੱਤਾ ਪ੍ਰਤੀ ਜਾਗਰੂਕ ਕਰਦੇ ਹੋਏ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਜਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ ਨੇ ਵੀ ਵਿਸ਼ਵ ਸਿਹਤ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਨਰਸਿੰਗ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਅਤੇ ਕਿਹਾ ਕਿ ਚੰਗੀ ਸਿਹਤ ਲਈ ਸੰਤੁਲਿਤ ਆਹਾਰ ਦਾ ਸੇਵਨ ਕਰਨਾ ਚਾਹੀਦਾ ਹੈ, ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਇਸਦੇ ਨਾਲ ਹੀ ਰੋਜਾਨਾ ਕੁੱਝ ਸਮਾਂ ਸਵੇਰ ਦੀ ਸੈਰ ਅਤੇ ਕਸਰਤ ਲਈ ਨਿਰਧਾਰਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੌਸਮੀ ਬਿਮਾਰੀਆਂ ਦੇ ਨਾਲ-ਨਾਲ ਡੇਂਗੂ, ਮਲੇਰੀਆ ਅਤੇ ਸਰੀਰ ਦੀ ਸਾਫ-ਸਫਾਈ ਆਦਿ ਸੰਬੰਧੀ ਜਾਗਰੂਕ ਕੀਤਾ ਗਿਆ।
ਸੈਮੀਨਾਰ ਦੇ ਅਖੀਰ ਵਿੱਚ ਮੈਡਮ ਸੁਨੀਤਾ, ਕਾਰਜਕਾਰੀ ਪ੍ਰਿੰਸੀਪਲ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਵੱਲੋਂ ਸਕੂਲੀ ਵਿਦਿਆਰਥਣਾਂ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ‘ਤੇ ਅਮਲ ਕਰਨ ਅਤੇ ਇਸ ਨੂੰ ਵੱਧ ਤੋਂ ਵੱਧ ਤੋਂ ਲੋਕਾਂ ਅਤੇ ਆਪਣੇ ਪਰਿਵਾਰ ਤੱਕ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਡਾ. ਵਨਿੰਦਰ ਸਿੰਘ ਰਿਆੜ ਸੀਨੀਅਰ ਮੈਡੀਕਲ ਅਫ਼ਸਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਜਿਲ੍ਹਾ ਬੀਸੀਸੀ ਕੌਆਰਡੀਨੇਟਰ ਨੀਰਜ ਸ਼ਰਮਾ, ਨਰਸਿੰਗ ਸਟਾਫ ਮੈਡਮ ਰਵਿੰਦਰ ਕੌਰ, ਸੰਦੀਪ ਕੌਰ ਅਤੇ ਮੈਡਮ ਸੰਜੋਤਾ ਮੌਜੂਦ ਸਨ।