ਜਲੰਧਰ (18.05.2026) ਸਿਵਲ ਸਰਜਨ ਡਾ. ਰਾਜੇਸ ਗਰਗ ਦੀ ਅਗਵਾਈ ਹੇਠ ਸੋਮਵਾਰ ਨੂੰ ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਸਿਵਲ ਸਰਜਨ ਵੱਲੋਂ ਸਿਹਤ ਸਟਾਫ ਨੂੰ ਵਿਸ਼ਵ ਹਾਈਪਰਟੈੱਨਸਨ ਦਿਵਸ ਸੰਬੰਧੀ ਸੇੈਨਸੇਟਾਈਜ਼ ਕਰਦਿਆਂ ਕਿਹਾ ਕਿ ਲੋਕਾਂ ਨਾਲ ਸਿਹਤ ਸੰਬੰਧੀ ਜਾਣਕਾਰੀ ਸਾਂਝਾ ਕਰਦੇ ਹੋਏ ਸਿਹਤਮੰਦ ਜੀਵਨ-ਸ਼ੈਲੀ ਅਪਨਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।
ਸਿਵਲ ਸਰਜਨ ਡਾ. ਰਾਜੇਸ ਗਰਗ ਨੇ ਦੱਸਿਆ ਕਿ ਇਸ ਸਾਲ ਇਹ ਦਿਵਸ “ ਕੰਟਰੋਲੰਿਗ ਹਾਈਪਰਟੈੱਨਸ਼ਨ ਟੂਗੈਦਰ” ਥੀਮ ਤਹਿਤ ਮਨਾਇਆ ਗਿਆ।ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣਦਾ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ ਅਤੇ ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਦਾ ਵੀ ਕਾਰਨ ਹੋ ਸਕਦਾ ਹੈ। ਬਹੁਤ ਸਾਰੇ ਲੋਕ ਜੋ ਹਾਈਪਰਟੈਂਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਜਿਆਦਾਤਰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਇਸਦਾ ਕੋਈ ਵੀ ਲੱਛਣ ਦਿਖਾਈ ਨਹੀਂ ਦਿੰਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਨਾਲ ਦਵਾਈ ਦਾ ਸੇਵਨ ਰੂਟੀਨ ‘ਚ ਕਰਨਾ ਚਾਹੀਦਾ ਹੈ।
ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ ਨੇ ਕਿਹਾ ਕਿ ਤੰਦਰੁਸਤ ਰਹਿਣ ਲਈ ਸਾਨੂੰ ਆਪਣੀ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੋਜ਼ਾਨਾ ਕੁਝ ਸਮਾਂ ਸੈਰ ਲਈ ਕੱਢਣਾ ਚਾਹੀਦਾ ਹੈ, ਕਸਰਤ ਕਰਨੀ ਚਾਹੀਦੀ ਹੈ ਅਤੇ ਆਪਣੇ ਖਾਣ-ਪੀਣ ‘ਤੇ ਧਿਆਨ ਕੇਂਦ੍ਰਤ ਕਰਨਾ ਚਾਹੀਦਾ ਹੈ। ਵਧੇਰੇ ਤੇਲ, ਮਸਾਲੇਦਾਰ ਭੋਜਨ ਅਤੇ ਵਧੇਰੇ ਨਮਕ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸ਼ਰਾਬ, ਬੀੜੀ-ਸਿਗਰੇਟ ਨਹੀਂ ਪੀਣੀ ਚਾਹੀਦੀ। ਤਣਾਅ ਰਹਿਤ ਰਹਿਣ ਲਈ, ਵਿਅਕਤੀ ਨੂੰ ਧਿਆਨ ਅਤੇ ਯੋਗਾ ਕਰਨਾ ਚਾਹੀਦਾ ਹੈ। ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਐਨ.ਸੀ.ਡੀ. ਪ੍ਰੋਗਰਾਮ ਤਹਿਤ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਲੱਡ ਪ੍ਰੈਸ਼ਰ ਤੋਂ ਇਲਾਵਾ ਸ਼ੂਗਰ, ਤਿੰਨ ਤਰ੍ਹਾਂ ਦੇ ਕੈਂਸਰਾਂ ਦੀ ਜਾਂਚ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿਘ, ਡਾ. ਨੇਹਾ, ਡਾ. ਅੰਮ੍ਰਿਤਪਾਲ ਸਿੰਘ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਗੁਰਜੀਤ ਕੌਰ ਅਤੇ ਹੋਰ ਸਿਹਤ ਸਟਾਫ ਹਾਜ਼ਰ ਸੀ।