ਜਲੰਧਰ : ਜਲੰਧਰ ਦੇ ਰਾਜਾ ਗਾਰਡਨ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਵਾਪਰੀ ਗੁਰੂ ਸਾਹਿਬ ਦੀ ਬੇਅਦਬੀ ਦੀ ਘਟਨਾ ਸੰਬੰਧੀ ਸਿੱਖ ਸੰਗਤਾਂ ਵੱਲੋਂ ਬਣਾਈ ਗਈ 11 ਮੈਂਬਰੀ ਸਤਿਕਾਰ ਕਮੇਟੀ ਨੇ ਅੱਜ ਏਐਸਪੀ ਵੈਸਟ ਦੇ ਦਫ਼ਤਰ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ ਅਤੇ ਜਾਂਚ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ।
ਯਾਦ ਰਹੇ ਕਿ ਇਸ ਘਟਨਾ ਦੇ ਵਿਰੋਧ ਵਿੱਚ ਸਿੱਖ ਸੰਗਤਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸਨੂੰ ਪੰਜਾਬ ਪੁਲਿਸ ਵੱਲੋਂ 24 ਤੋਂ 48 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਭਰੋਸੇ ਮਗਰੋਂ ਮੁਲਤਵੀ ਕੀਤਾ ਗਿਆ ਸੀ। ਪਰ ਕਰੀਬ 12 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਕਮੇਟੀ ਮੈਂਬਰਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਨ੍ਹਾਂ ਵੱਲੋਂ ਵੱਡੇ ਦਾਅਵੇ ਕੀਤੇ ਗਏ ਸਨ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੋਕੀਆਂ ਜਾਣਗੀਆਂ ਅਤੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਵੀ ਸਿੱਖ ਸੰਗਤ ਨੂੰ ਇਨਸਾਫ਼ ਮਿਲੇਗਾ। ਪਰ ਅੱਜ ਤੱਕ ਨਾ ਤਾਂ ਬਰਗਾੜੀ ਮਾਮਲੇ ਵਿੱਚ ਇਨਸਾਫ਼ ਮਿਲਿਆ ਅਤੇ ਨਾ ਹੀ ਬੇਅਦਬੀ ਦੀਆਂ ਘਟਨਾਵਾਂ ਰੁਕਦੀਆਂ ਨਜ਼ਰ ਆ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 9 ਸਾਲਾਂ ਵਿੱਚ ਤਕਰੀਬਨ 600 ਦੇ ਕਰੀਬ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਕਮੇਟੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਨਵਾਂ ਕਾਨੂੰਨ ਲਿਆਂਦਾ ਗਿਆ, ਜਿਸਨੂੰ ਅਜੇ ਤੱਕ ਸਿੱਖ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ ਬਾਵਜੂਦ ਕਾਨੂੰਨ ਬਣਨ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ, ਜਿਸ ਤੋਂ ਸਾਫ਼ ਹੈ ਕਿ ਸਰਕਾਰ ਵੱਲੋਂ ਬੇਅਦਬੀਆਂ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
ਅੱਜ ਦੀ ਮੀਟਿੰਗ ਦੌਰਾਨ ਏਐਸਪੀ ਵੈਸਟ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜਾਂਚ ਗੰਭੀਰਤਾ ਨਾਲ ਜਾਰੀ ਹੈ ਅਤੇ ਜਲਦ ਹੀ ਦੋਸ਼ੀਆਂ ਤੱਕ ਪਹੁੰਚ ਕੇ ਸਾਰੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ ਜਾਵੇਗੀ।
ਸਤਿਕਾਰ ਕਮੇਟੀ ਨੇ ਸਿੱਖ ਸੰਗਤਾਂ ਨੂੰ ਸੰਦੇਸ਼ ਦਿੱਤਾ ਕਿ ਉਹ ਘਰ ਨਹੀਂ ਬੈਠੇ ਸਗੋਂ ਲਗਾਤਾਰ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਸੁਚੇਤ ਰਹੇ ਅਤੇ ਜਿਵੇਂ ਹੀ ਕੋਈ ਅਹਿਮ ਜਾਣਕਾਰੀ ਸਾਹਮਣੇ ਆਵੇਗੀ, ਉਸ ਤੋਂ ਤੁਰੰਤ ਜਾਣੂ ਕਰਵਾਇਆ ਜਾਵੇਗਾ ! ਅੱਜ ਸਤਿਕਾਰ ਕਮੇਟੀ ਦੇ ਮੈਂਬਰ ਮੌਜੂਦ ਰਹੇ ਜਿੰਨਾ ਵਿੱਚ ਸੁਖਮਿੰਦਰ ਸਿੰਘ ਰਾਜਪਾਲ, ਹਰਜਿੰਦਰ ਸਿੰਘ ਜਿੰਦਾ, ਨਰਿੰਦਰ ਸਿੰਘ ਲੱਕੀ, ਇਕਬਾਲ ਸਿੰਘ ਬੱਗਾ, ਨਿਹਾਲ ਸਿੰਘ, ਬਘੇਲ ਸਿੰਘ, ਜਤਿੰਦਰ ਪਾਲ ਸਿੰਘ ਮੁਜ਼ੈਲ ਆਦਿ ਹਾਜ਼ਿਰ ਸੀ !