
ਜਲੰਧਰ, 8 ਜੂਨ :
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਜਿਨ੍ਹਾਂ ਦੇ ਨਾਲ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ, ਨੇ ਅਹਿਮ ਐਲਾਨ ਕਰਦਿਆਂ ਦੱਸਿਆ ਕਿ 13 ਜੂਨ ਦੀ ਸ਼ਾਮ ਨੂੰ ਜਲੰਧਰ ਵਿਖੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਇਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਹ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਵਿਸ਼ੇ ’ਤੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਧਾਰਮਿਕ ਗਾਇਕ ਹੰਸਰਾਜ ਰਘੂਵੰਸ਼ੀ ਵਲੋਂ ਭਜਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕਤਾ ਨਾਲ ਜੋੜਿਆ ਜਾਵੇਗਾ।
ਮੇਅਰ ਵਨੀਤ ਧੀਰ, ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੈ ਸ਼ਰਮਾ, ਰਾਜਵਿੰਦਰ ਕੌਰ ਥਿਆੜਾ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸਲਾਹਕਾਰ ਦੀਪਕ ਬਾਕੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਪਹਿਲੀ ਵਾਰ ਏਨੇ ਵੱਡੇ ਪੱਧਰ ’ਤੇ ਸਾਈਂ ਦਾਸ ਸਕੂਲ ਦੀ ਗਰਾਊਂਡ ਵਿੱਚ ਸ਼ਾਮ 6:30 ਵਜੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ,ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਪ੍ਰਬੰਧਕਾਂ ਨੂੰ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ।
ਉਨ੍ਹਾਂ ਨੇ ਇਸ ਸਮਾਗਮ ਨੂੰ ਸ਼ਰਧਾ, ਆਸਥਾ, ਵਿਸ਼ਵਾਸ ਅਤੇ ਸਭਿਆਚਾਰ ਦਾ ਇਕ ਵਿਲੱਖਣ ਸੁਮੇਲ ਕਰਾਰ ਦਿੰਦਿਆਂ ਆਸ ਪ੍ਰਗਟਾਈ ਕਿ ਇਸ ਵਿੱਚ ਜਲੰਧਰ ਅਤੇ ਨੇੜਲੇ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ। ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੇ ਸ਼ਰਮਾ ਨੇ ਕਿਹਾ ਕਿ ਸਮਾਗਮ ਪੰਜਾਬ ਦੀ ਅਮੀਰ ਧਾਰਮਿਕ ਤੇ ਸਭਿਆਚਾਰਕ ਰਵਾਇਤਾਂ ਅਤੇ ਭਾਈਚਾਰਕ ਸਾਂਝ ਤੇ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ।
ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿੱਚ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ ਪਰ ਮੁੱਖ ਤੌਰ ‘ਤੇ ਇਹ ਸਮਾਗਮ ਸਥਾਨਕ ਮੰਦਿਰ ਕਮੇਟੀਆਂ, ਸੰਤ-ਮਹੰਤਾਂ ਅਤੇ ਜਲੰਧਰ ਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਪਹਿਲਕਦਮੀ ਦਾ ਮੁੱਖ ਉਦੇਸ਼ ਇਸ ਖੇਤਰ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਾਰਮਿਕ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਸ਼੍ਰੀ ਭਗਤ, ਸ਼੍ਰੀ ਬਾਲੀ ਅਤੇ ਸ਼੍ਰੀ ਸ਼ਰਮਾ ਨੇ ਜਲੰਧਰ ਅਤੇ ਨੇੜਲੇ ਖੇਤਰਾਂ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਕੇ ਅਸ਼ੀਰਵਾਦ ਪ੍ਰਾਪਤ ਕਰਨ।
————