ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਨਵੇਂ ਵਿਦਿਅਕ ਸੈਸ਼ਨ 2026-27 ਦੇ ਸ਼ੁੱਭ ਆਰੰਭ ਸਮੇਂ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਗੁਰੂਦੁਆਰਾ ਸਾਹਿਬ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਇਸ ਉਪਰੰਤ ਭਾਈ ਭੁਪਿੰਦਰ ਸਿੰਘ ਜੀ ਖਾਲਸਾ (ਰਾਮਾਮੰਡੀ) ਨੇ ਆਪਣੀ ਰਸਭਿੰਨੀ, ਮਧੁਰ ਆਵਾਜ਼ ਨਾਲ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਪ੍ਰਕਾਰ ਗੁਰੂ ਸਾਹਿਬ ਦੀ ਓਟ ਆਸਰੇ ਵਿੱਚ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਉਪਰੰਤ ਸੈਸ਼ਨ ਦਾ ਆਰੰਭ ਹੋਇਆ। ਇਸ ਸਮੇਂ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਰਮਾਤਮਾ ਦੀ ਪ੍ਰੀਤ ਅਤੇ ਓਟ ਆਸਰੇ ਵਿਚ ਬਹੁਤ ਬਰਕਤ ਹੈ। ਲਾਇਲਪੁਰ ਖ਼ਾਲਸਾ ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਇਥੇ ਹਰ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤਾ ਜਾਂਦਾ ਹੈ। ਉਨ੍ਹਾਂ ਆਖਿਆ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਿਦਿਅਕ, ਖੇਡਾਂ, ਖੋਜ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿੱਚ ਉੱਚ ਪ੍ਰਾਪਤੀਆਂ ਕੀਤੀਆਂ ਹਨ। ਪਰਮਾਤਮਾ ਤੇ ਓਟ ਆਸਰੇ ਸਦਕਾ ਅਸੀਂ ਇਸ ਸਾਲ ਵੀ ਹਰ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਾਂਗੇ। ਕਿਸੇ ਵੀ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਅਸ਼ੀਰਵਾਦ ਲੈਣਾ ਬਹੁਤ ਜ਼ਰੂਰੀ ਹੈ ਕਿਉਂਕਿ ਪਰਮਾਤਮਾ ਦਾ ਆਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਕੰਮ ਸਦਾ ਹੀ ਨੇਪਰੇ ਚੜ੍ਹਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਦੇ ਹੋਏ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਮਿਹਨਤ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦੇ ਨਾਮ ਨੂੰ ਰੋਸ਼ਨ ਕਰਨ। ਉਹਨਾਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਇਹ ਕਾਲਜ ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਵਜੋਂ ਜਾਣੀ ਜਾਂਦੀ ਹੈ। ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ ਨੇ ਸਮੂਹ ਸਟਾਫ ਮੈਬਰਾਨ ਅਤੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਅਰਦਾਸ ਕੀਤੀ। ਇਸ ਮੌਕੇ ਛਬੀਲ, ਚਾਹ ਅਤੇ ਬਦਾਨਾ ਸੇਵੀਆਂ ਦਾ ਲੰਗਰ ਵਰਤਾਇਆ ਗਿਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਹਰਜਿੰਦਰ ਸਿੰਘ ਸੇਖੋਂ ਨੇ ਨਿਭਾਈ । ਇਸ ਮੌਕੇ ਗਵਰਨਿੰਗ ਕੌਂਸਲ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜਰ ਹੋਏ।