ਜਲੰਧਰ, 27 ਜੁਲਾਈ। ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਪੁਲਿਸ ਲਾਠੀਚਾਰਜ ਅਤੇ ਕਥਿਤ ਦੁਰਵਿਵਹਾਰ ਦੇ ਵਿਰੋਧ ਵਿੱਚ ਸਥਾਨਕ ਭਗਵਾਨ ਵਾਲਮੀਕੀ ਚੌਂਕ ਵਿਖੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬੰਟੂ ਸਭਰਵਾਲ ਦੀ ਪ੍ਰਧਾਨਗੀ ਹੇਠ ਲਗਾਏ ਗਏ ਧਰਨੇ ਵਿੱਚ ਭਾਰਤੀ ਜਨਤਾ ਪਾਰਟੀ ਜਲੰਧਰ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪਰਸ਼ੋਤਮ ਸੋਢੀ ਹੈਪੀ, ਦੀਪਕ ਤੇਲੂ, ਵਿਪਨ ਸਭਰਵਾਲ, ਸੋਮਾ ਗਿੱਲ, ਅਸ਼ਵਨੀ ਅਟਵਾਲ ਸਮੇਤ ਸਫਾਈ ਕਰਮਚਾਰੀਆਂ ਨਾਲ ਏਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਅੰਦੋਲਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨਾ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਰਗ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ, ਪਰ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਬਰਨਾਲਾ ਘਟਨਾ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਨੂੰ ਸਾਫ਼-ਸੁਥਰਾ ਅਤੇ ਤੰਦਰੁਸਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਜਿਹੇ ਕਰਮਚਾਰੀਆਂ ਨਾਲ ਅਣਮਨੁੱਖੀ ਵਰਤਾਰਾ ਕਰਨਾ ਬਹੁਤ ਹੀ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਸੀ, ਪਰ ਸਰਕਾਰ ਨੇ ਬਲ ਪ੍ਰਯੋਗ ਦਾ ਰਾਹ ਅਪਣਾ ਕੇ ਆਪਣੀ ਨਾਕਾਮੀ ਸਾਬਤ ਕੀਤੀ ਹੈ।

ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਨੇ ਕਿਹਾ ਕਿ ਬਰਨਾਲਾ ਦੀ ਘਟਨਾ ਨੇ ਪੂਰੇ ਪੰਜਾਬ ਦੇ ਸਫਾਈ ਕਰਮਚਾਰੀਆਂ ਅਤੇ ਵਾਲਮੀਕੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਮਿਹਨਤਕਸ਼ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ‘ਤੇ ਹੋਣ ਵਾਲਾ ਕੋਈ ਵੀ ਅਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ।

ਅੰਤ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਨਮਾਨ ਅਤੇ ਹੱਕਾਂ ਦੀ ਰੱਖਿਆ ਕਰਨਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਜੋ ਕੁਝ ਹੋਇਆ ਉਹ ਬਹੁਤ ਹੀ ਨਿੰਦਣਯੋਗ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਫਾਈ ਕਰਮਚਾਰੀਆਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਹਰ ਪੱਧਰ ‘ਤੇ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਭਾਜਪਾ ਸੂਬਾ ਪੱਧਰ ‘ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।

ਧਰਨੇ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਆਪਣਾ ਰੋਸ ਪ੍ਰਗਟ ਕੀਤਾ।

ਇਸ ਮੌਕੇ ਸਰਬਜੀਤ ਸਿੰਘ ਮੱਕੜ, ਰਾਜੇਸ਼ ਬਾਘਾ, ਮੰਜੀਤ ਸਿੰਘ ਟੀਟੂ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਮਨੀਸ਼ ਵਿਜ, ਦਵਿੰਦਰ ਭਾਰਦਵਾਜ, ਭੂਪਿੰਦਰ ਕੁਮਾਰ, ਦਰਸ਼ਨ ਲਾਲ ਭਗਤ, ਸ਼ਾਮ ਸ਼ਰਮਾ, ਬ੍ਰਿਜੇਸ਼ ਸ਼ਰਮਾ, ਗੋਲਡੀ ਭਾਟੀਆ, ਵਿਪਨ ਸਭਰਵਾਲ, ਸਨੀ ਸ਼ਰਮਾ, ਲਲਿਤ ਬੱਬੂ, ਅਜੈ ਠਾਕੁਰ, ਮੁਨੀਸ਼ ਬਲ, ਕਸ਼ਿਤਿਜ ਢੱਲ, ਕੰਵਰ ਸਰਤਾਜ, ਤਰਵਿੰਦਰ ਸੋਈ, ਅਨੁਜ ਸ਼ਾਰਦਾ, ਗੌਰਵ ਰਾਏ, ਡਿੰਪੀ ਲੁਬਾਣਾ, ਅਜੈ ਬੱਬਲ, ਅਸ਼ਵਨੀ ਗੋਲਡੀ, ਮੋਤੀ, ਅਜਮੇਰ ਸਿੰਘ ਬਾਦਲ, ਅਰਜੁਨ ਸਿੰਘ ਹੈਪੀ, ਰੋਸ਼ਨ, ਪ੍ਰਦੀਪ ਖੁੱਲਰ, ਅਸ਼ਵਨੀ ਗੋਂਦੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਅਹੁਦੇਦਾਰ, ਮੰਡਲ ਪ੍ਰਧਾਨ, ਮੋਰਚਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।