
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਬੁਲਾਰੇ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਾਰਟੀ ਪ੍ਰਧਾਨ ਨਾਲ ਪਹਿਲੀ ਮੁਲਾਕਾਤ ਸੀ। ਕਰੀਬ 40-45 ਮਿੰਟ ਚੱਲੀ ਇਸ ਮੀਟਿੰਗ ਦੌਰਾਨ ਜਲੰਧਰ ਸ਼ਹਿਰ ਦੇ ਮੌਜੂਦਾ ਹਾਲਾਤ, ਸ਼ਹਿਰ ਦੇ ਢਾਂਚਾਗਤ ਵਿਕਾਸ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਤੋਂ ਲੈ ਕੇ ਹਰ ਵਰਕਰ ਨਾਲ ਮਜ਼ਬੂਤ ਤਾਲਮੇਲ ਬਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਪੰਜਾਬ, ਸਿੱਖ ਕੌਮ ਅਤੇ ਪੰਥ ਲਈ ਕੀਤੇ ਗਏ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਸੁਖਮਿੰਦਰ ਸਿੰਘ ਰਾਜਪਾਲ ਦੇ ਨਾਲ ਸਰਦਾਰ ਗੁਰਬਚਨ ਸਿੰਘ ਕਰੇਵਾਲ, ਐਸਜੀਪੀਸੀ ਮੈਂਬਰ, ਦਿਲਬਾਗ ਸਿੰਘ ਵਿਰਕ, ਲੱਕੀ ਮਲਹੋਤਰਾ ਅਤੇ ਅਮਨਦੀਪ ਸਿੰਘ ਬਾਜਵਾ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ।
ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਪਿਛਲੀਆਂ ਸਰਕਾਰਾਂ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।