
ਫਗਵਾੜਾ, 31 ਜੁਲਾਈ 2026 ( ਨਿਤਿਨ ਕੌੜਾ ) : ਮਨੁੱਖੀ ਅਧਿਕਾਰ ਕੌਂਸਲ (ਇੰਡੀਆ) ਦੇ ਐਂਟੀਕੁਰੱਪਸ਼ਨ ਸੈੱਲ, ਜ਼ਿਲ੍ਹਾ ਕਪੂਰਥਲਾ ਦੀ ਅਧਿਕਾਰਿਕ ਮਹੀਨਾਵਾਰ ਮੀਟਿੰਗ ਫਗਵਾੜਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਨੰਦ ਸੋਨੀ ਦੀ ਅਗਵਾਈ ਹੇਠ ਅਤੇ ਪੰਜਾਬ ਪ੍ਰਧਾਨ (ਐਂਟੀਕੁਰੱਪਸ਼ਨ ਸੈੱਲ) ਰਮਨ ਨੇਹਰਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।
ਮੀਟਿੰਗ ਦੀ ਸ਼ੁਰੂਆਤ ਦੌਰਾਨ ਸੂਬਾ ਪ੍ਰਧਾਨ ਰਮਨ ਨਹਿਰਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸੰਸਥਾ ਨੂੰ ਹੋਰ ਮਜ਼ਬੂਤ ਬਣਾਉਣ, ਲੋਕ ਭਲਾਈ ਦੇ ਕਾਰਜਾਂ ਨੂੰ ਵਧਾਉਣ ਅਤੇ ਸਮਾਜਿਕ ਸਰਗਰਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਲੈ ਕੇ ਜਾਣ ਲਈ ਮੈਂਬਰਾਂ ਤੋਂ ਕੀਮਤੀ ਸੁਝਾਅ ਪ੍ਰਾਪਤ ਕੀਤੇ।
ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਪ੍ਰਧਾਨ ਨੰਦ ਸੋਨੀ ਨੇ ਵਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦਾ ਸਮੇਂ ਸਿਰ ਇਲਾਜ ਅਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਮਿਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਾ ਪੱਧਰ ‘ਤੇ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਸਕੇ ਅਤੇ ਉਨ੍ਹਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਅਗਸਤ ਮਹੀਨੇ ਦੌਰਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸਮਾਜਿਕ ਅਤੇ ਜਨ-ਭਲਾਈ ਗਤੀਵਿਧੀਆਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਕਾਰਜਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।
ਇਸ ਮੌਕੇ ਅਮਰਜੀਤ ਸਿੰਘ ਬਸੂਟਾ (ਜ਼ਿਲ੍ਹਾ ਉਪ ਪ੍ਰਧਾਨ), ਵਿਸ਼ਾਲ ਵਾਲੀਆ (ਸਿਟੀ ਪ੍ਰਧਾਨ), ਇੰਦਰਜੀਤ ਸਿੰਘ (ਜਨਰਲ ਸਕੱਤਰ), ਦੀਪਕ ਗੁਪਤਾ (ਸਿਟੀ ਸਕੱਤਰ), ਦਵਿੰਦਰ ਕੁਮਾਰ, ਬਲਵਿੰਦਰ ਸਿੰਘ ਸੈਣੀ ਅਤੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।