
ਜਲੰਧਰ, 31 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ ਹੈ।
ਇਥੇ ਸਰਕਟ ਹਾਊਸ ਵਿਖੇ ਮੇਅਰ ਵਿਨੀਤ ਧੀਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਤਰਜੀਹ ਦਿੰਦੇ ਹੋਏ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ। ਇਸ ਮੌਕੇ ‘ਆਪ’ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਫਾਈ ਕਰਮਚਾਰੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀਆਂ, ਕਾਮਿਆਂ, ਮੁਲਾਜ਼ਮਾਂ ਸਮੇਤ ਹਰ ਵਰਗ ਦੀ ਹਮਦਰਦ ਸਰਕਾਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਕੇ ਜਿਥੇ ਘਰਾਂ ਦੇ ਨੇੜੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਉਥੇ 600 ਯੂਨਿਟ ਬਿਜਲੀ ਮੁਆਫ਼ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ। ਰਾਜ ਸਰਕਾਰ ਨੇ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ, ਮੈਰਿਟ ਦੇ ਆਧਾਰ ’ਤੇ 68000 ਤੋਂ ਵੱਧ ਸਰਕਾਰੀ ਨੌਕਰੀਆਂ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਸਮੇਤ ਅਨੇਕਾਂ ਲੋਕ-ਪੱਖੀ ਫੈਸਲੇ ਲਾਗੂ ਕੀਤੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਹਿੱਤਾਂ, ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਤਰਨਦੀਪ ਸੰਨੀ ਅਤੇ ਸੰਜੀਵ ਭਗਤ ਵੀ ਮੌਜੂਦ ਸਨ।