ਜਲੰਧਰ, 1 ਅਗਸਤ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਜਲੰਧਰ ਸ਼ਹਿਰੀ ਸੰਜੀਵ ਭਗਤ ਨੇ E20 ਪੈਟਰੋਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਆਮ ਲੋਕਾਂ ਅਤੇ ਵਾਹਨ ਮਾਲਕਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।
ਸੰਜੀਵ ਭਗਤ ਨੇ ਕਿਹਾ ਕਿ ਦੇਸ਼ ਵਿੱਚ ਅਜੇ ਵੀ ਲੱਖਾਂ ਦੋਪਹੀਆ ਅਤੇ ਚਾਰ ਪਹੀਆ ਵਾਹਨ ਅਜਿਹੇ ਹਨ ਜੋ E20 ਪੈਟਰੋਲ ਲਈ ਪੂਰੀ ਤਰ੍ਹਾਂ ਅਨੁਕੂਲ ਨਹੀਂ ਹਨ। ਅਜਿਹੇ ਵਾਹਨਾਂ ਵਿੱਚ E20 ਪੈਟਰੋਲ ਦੀ ਵਰਤੋਂ ਨਾਲ ਇੰਜਣ ਦੀ ਕਾਰਗੁਜ਼ਾਰੀ, ਮਾਈਲੇਜ ਅਤੇ ਰੱਖ-ਰਖਾਅ ਦੇ ਖਰਚੇ ‘ਤੇ ਅਸਰ ਪੈ ਸਕਦਾ ਹੈ, ਜਿਸ ਦਾ ਸਿੱਧਾ ਆਰਥਿਕ ਬੋਝ ਆਮ ਲੋਕਾਂ ‘ਤੇ ਪਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਵਾਹਨ ਨਿਰਮਾਤਾ ਕੰਪਨੀਆਂ, ਤਕਨੀਕੀ ਮਾਹਿਰਾਂ ਅਤੇ ਆਮ ਲੋਕਾਂ ਨਾਲ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ। ਲੋਕਾਂ ਨੂੰ ਪੂਰੀ ਜਾਣਕਾਰੀ ਅਤੇ ਭਰੋਸਾ ਦਿੱਤੇ ਬਿਨਾਂ ਅਜਿਹੀਆਂ ਨੀਤੀਆਂ ਲਾਗੂ ਕਰਨਾ ਉਚਿਤ ਨਹੀਂ।
ਸੰਜੀਵ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੀ ਹੈ ਅਤੇ ਹਰ ਉਹ ਨੀਤੀ ਦਾ ਸਮਰਥਨ ਕਰਦੀ ਹੈ ਜੋ ਜਨਤਾ ਦੇ ਭਲੇ ਲਈ ਹੋਵੇ। ਪਰ ਜੇਕਰ ਕਿਸੇ ਫ਼ੈਸਲੇ ਨਾਲ ਆਮ ਪਰਿਵਾਰਾਂ ‘ਤੇ ਵਾਧੂ ਆਰਥਿਕ ਬੋਝ ਪੈਂਦਾ ਹੈ, ਤਾਂ ਉਸ ਬਾਰੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।