
ਫਗਵਾੜਾ 10 ਅਗਸਤ (ਸ਼ਿਵ ਕੌੜਾ) ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਜਨਰਲ ਸਕੱਤਰ ਅਤੇ ਜੈ ਭੀਮ ਕਾਰਪੋਰੇਸ਼ਨ ਕਰਮਚਾਰੀ ਯੂਨੀਅਨ, ਪੰਜਾਬ ਦੇ ਚੇਅਰਮੈਨ ਤੁਲਸੀ ਰਾਮ ਖੋਸਲਾ ਨੇ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਇਸ ਗੱਲ ਨੂੰ ਪ੍ਰਮੁੱਖਤਾ ਨਾਲ ਦਰਜ ਕੀਤਾ ਜਾਵੇ ਕਿ ਦੋਵੇਂ ਸੂਬਿਆਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਕਾਰਪੋਰੇਸ਼ਨਾਂ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੱਕਾ ਕੀਤਾ ਜਾਵੇਗਾ। ਤੁਲਸੀ ਰਾਮ ਖੋਸਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਾਰਪੋਰੇਸ਼ਨ ਕਰਮਚਾਰੀਆਂ ਨਾਲ ਪੱਕੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਆਪਣੇ ਵਾਅਦੇ ਤੋਂ ਮੁਕਰ ਗਈ ਹੈ। ਇਸ ਨੂੰ ਲੈ ਕੇ ਕਾਰਪੋਰੇਸ਼ਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਪਰ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨਾਂ ਦੇ ਸੀਵਰੇਜ, ਵਾਟਰ ਸਪਲਾਈ ਵਿਭਾਗ ਅਤੇ ਸਫਾਈ ਸੇਵਕਾਂ ਨੇ ਹਮੇਸ਼ਾ ਆਪਣੀ ਜਾਨ ਤਲੀ ’ਤੇ ਰੱਖ ਕੇ ਲੋਕਾਂ ਦੀ ਸੇਵਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਅਜਿਹੇ ਮੁਲਾਜ਼ਮਾਂ ਨੂੰ ਆਰਮੀ ਦੀ ਤਰਜ਼ ’ਤੇ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਸੀ, ਪਰ ਕੇਂਦਰ ਸਰਕਾਰ ਵੱਲੋਂ ਵੀ ਕਾਰਪੋਰੇਸ਼ਨਾਂ ਦੇ ਦਰਜਾ ਚਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਹਨਾਂ ਨੇ ਖਾਸ ਤੌਰ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨਾਂ ਦੇ ਸਫਾਈ ਸੇਵਕ, ਸੀਵਰੇਜਮੈਨ ਅਤੇ ਵਾਟਰ ਸਪਲਾਈ ਕਰਮਚਾਰੀ ਸ਼ਹਿਰਾਂ ਦੀ ਸਫਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਜ਼ਰਅੰਦਾਜ਼ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਖੋਸਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੈਨੀਫੈਸਟੋ ਵਿੱਚ ਕਾਰਪੋਰੇਸ਼ਨ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਸਪੱਸ਼ਟ ਅਤੇ ਸਮਾਂਬੱਧ ਵਾਅਦਾ ਕਰਨਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਬਣਨ ਦੇ ਪਹਿਲੇ ਤਿੰਨ ਮਹੀਨਿਆਂ ਦੇ ਅੰਦਰ ਯੋਗਤਾ ਅਤੇ ਨਿਯਮਾਂ ਅਨੁਸਾਰ ਕਾਰਪੋਰੇਸ਼ਨਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਚੋਣ ਮਨੋਰਥ ਪੱਤਰ ਵਿੱਚ ਪ੍ਰਮੁੱਖਤਾ ਦੇ ਨਾਲ ਜਿਕਰ ਕੀਤਾ ਜਾਵੇ। ਤੁਲਸੀ ਰਾਮ ਖੋਸਲਾ ਨੇ ਸਪਸ਼ਟ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਵੱਲੋਂ ਇਹ ਮੰਗ ਮੈਨੀਫੈਸਟੋ ਵਿੱਚ ਸ਼ਾਮਲ ਕੀਤੀ ਜਾਂਦੀ ਹੈ ਤਾਂ ਇਸ ਨਾਲ ਹਜ਼ਾਰਾਂ ਕੱਚੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਰੋਸਾ ਪੈਦਾ ਹੋਵੇਗਾ। ਉਨ੍ਹਾਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਪਾਰਟੀ ਪੱਧਰ ’ਤੇ ਗੰਭੀਰਤਾ ਨਾਲ ਵਿਚਾਰਦੇ ਹੋਏ ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕਾਰਪੋਰੇਸ਼ਨ ਕਰਮਚਾਰੀਆਂ ਦੇ ਹੱਕ ਵਿੱਚ ਠੋਸ ਫੈਸਲਾ ਲੈਣ।