
ਇਕੁਅਲ ਵਰਕ-ਇਕੁਅਲ ਪੇਅ ਮੰਗ ਪੂਰੀ ਨਾ ਹੋਣ ਦੇ ਚਲਦੀਆਂ ਜਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਦਾ ਰੋਸ਼ ਪ੍ਰਦਰਸ਼ਨ ਜਾਰੀ, ਪੰਜਾਬ ਸਰਕਾਰ ਖਿਲਾਫ ਪਿਟ-ਸਿਆਪਾ ਕਰਦੇ ਹੋਏ ਨਾਰੇਬਾਜੀ

ਜਲੰਧਰ (24.08.2026) – ਸਿਹਤ ਵਿਭਾਗ ਵਿੱਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ। 12 ਦਿਨਾਂ ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਮੁਲਾਜ਼ਮ ਹੜਤਾਲ ‘ਤੇ ਹਨ ਪਰ ਸਰਕਾਰ ਵਾਰ-ਵਾਰ ਲਾਰੇ ਲਾਉਣ ਦੀ ਨੀਤੀ ਤੋਂ ਗੁਰੇਜ਼ ਨਹੀਂ ਕਰ ਰਹੀ ਹੈ। ਪਹਿਲਾਂ 24 ਅਗਸਤ 2026 ਨੂੰ ਮੀਟਿੰਗ ਦਾ ਸਮਾਂ ਦੇਣ ਤੋਂ ਬਾਅਦ ਹੁਣ 28 ਅਗਸਤ 2026 ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਤਾਂ ਐਨਐਚਐਮ ਮੁਲਾਜ਼ਮਾਂ ਨੇ ਵੀ 28 ਤੱਕ ਪੂਰੀ ਤਰ੍ਹਾਂ ਕੰਮ ਬੰਦ ਕਰਕੇ ਹੜਤਾਲ ਲਗਾਤਾਰ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ। ਜਿਸ ਕਰਕੇ ਪੰਜਾਬ ਭਰ ਵਿੱਚ ਕੰਮ ਕਰ ਰਹੇ ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮ ਸਰਕਾਰ ਦੀਆਂ ਡੰਗ-ਟਪਾਓ ਨੀਤੀਆਂ ਖਿਲਾਫ ਇਕ ਮੰਚ ਉੱਤੇ ਇੱਕਜੁਟ ਹੋ ਗਏ ਹਨ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ। ਜਿਲ੍ਹਾ ਜਲੰਧਰ ਦੇ ਸਮੂਹ ਐਨ.ਐਚ.ਐਮ. ਕਰਮਚਾਰੀਆਂ ਵੱਲੋਂ ਸਿਵਲ ਸਰਜਨ ਦਫ਼ਤਰ ਜਲੰਧਰ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕਰਦੇ ਹੋਏ ਅੱਜ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਖਿਲਾਫ਼ ਨਾਰੇਬਾਜੀ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਕਰਯੋਗ ਹੈ ਕਿ ਐਨ.ਐਚ.ਐਮ. ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ 13 ਅਗਸਤ ਤੋਂ ਹੜਤਾਲ ਲਗਾਤਾਰ ਜਾਰੀ ਹੈ।
ਹੜਤਾਲ ਦੋਰਾਨ ਐਨ.ਐਚ.ਐਮ. ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਰਕਾਰ ਨੂੰ ਗੁੜੀ ਨੀਂਦ ‘ਚੋਂ ਜਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਸਖ਼ਤ ਸ਼ਬਦਾਂ ‘ਚ ਕਿਹਾ ਕਿ ਜੇਕਰ ਸਰਕਾਰ ਐਨ. ਐਚ. ਐਮ. ਮੁਲਾਜ਼ਮਾਂ ਦੀ ਮੁੱਖ ਮੰਗਾਂ ਜਿਵੇਂ ਕਿ ਬਰਾਬਰ ਕੰਮ ਬਰਾਬਰ ਤਨਖਾਹ, ਗਰੇਚੁਟੀ, ਉਮਰ ਹੱਦ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ, ਅਤੇ ਇਸ ਦਾ ਜਵਾਬ ਸਮੂਹ ਐਨ ਐਚ ਐਮ ਮੁਲਾਜ਼ਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੇਣਗੇ। ਐਨ. ਐਚ. ਐਮ. ਮੁਲਾਜ਼ਮਾਂ ਦੀ ਸਮੂਹਿਕ ਹੜਤਾਲ ਦੇ ਚਲਦਿਆਂ ਸਿਹਤ ਸੇਵਾਵਾਂ ਬੂਰੀ ਤਰਾਂ ਪ੍ਰਭਾਵਿਤ ਰਹੀਆਂ। ਇਸ ਮੋਕੇ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਯੂਨੀਅਨ ਦੇ ਮੁੱਖ ਬੁਲਾਰੇਆਂ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਜਲਦੀ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਨਹੀਂ ਕਰਦੀ ਤਾਂ ਐਨ. ਐਚ. ਐਮ. ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ਤੇ ਘੇਰਾਓ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮ ਹਾਜਰ ਸਨ।



