

ਜਲੰਧਰ: ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੀ ਸੰਗਤ ਨਾਲ ‘ਧਰਨਾ ਮੁਕਤ ਪੰਜਾਬ’ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਅੱਜ ਆਪਣੇ ਹੀ ਦਾਅਵਿਆਂ ਦੇ ਉਲਟ ਖੜ੍ਹੀ ਨਜ਼ਰ ਆ ਰਹੀ ਹੈ। ਸਰਕਾਰ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ, ਕਿਸਾਨਾਂ, ਸਫਾਈ ਸੇਵਕਾਂ, ਬੱਸ ਮੁਲਾਜ਼ਮਾਂ , ਟੀਚਿੰਗ ਸਟਾਫ, ਨਰਸਾਂ ਬਿਜਲੀ ਵਿਭਾਗ ਦੇ ਕਰਮਚਾਰੀ,ਅਤੇ ਹੋਰ ਵੱਖ-ਵੱਖ ਵਰਗਾਂ ਨੂੰ ਆਪਣੀਆਂ ਮੰਗਾਂ ਲਈ ਧਰਨੇ ਅਤੇ ਹੜਤਾਲਾਂ ਕਰਨੀਆਂ ਪੈ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਜਾਂਦੇ ਸਨ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਵਰਗ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ। ਪਰ ਅੱਜ ਹਾਲਾਤ ਇਹ ਹਨ ਕਿ ਪੰਜਾਬ ਦਾ ਲਗਭਗ ਹਰ ਵਰਗ ਆਪਣੀਆਂ ਮੰਗਾਂ ਲਈ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਹੈ।
ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਮੁਲਾਜ਼ਮ ਵਰਗ, ਸਫਾਈ ਸੇਵਕ, ਬੱਸ ਕਰਮਚਾਰੀ, ਕਿਸਾਨ ਅਤੇ ਵੱਖ-ਵੱਖ ਯੂਨੀਅਨਾਂ ਵੱਲੋਂ ਲਗਾਤਾਰ ਧਰਨੇ ਅਤੇ ਹੜਤਾਲਾਂ ਕੀਤੀਆਂ ਜਾ ਰਹੀਆਂ ਹਨ। ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਨਿਸ਼ਾਨਾ ਸਾਧਦਿਆਂ ਸ. ਰਾਜਪਾਲ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਅਤੇ ਵੱਖ-ਵੱਖ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਵਿੱਚ ਸਰਕਾਰ ਅਤੇ ਵਿੱਤ ਮੰਤਰੀ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਸਰਕਾਰ ਤੋਂ ਜਵਾਬ ਅਤੇ ਨਤੀਜੇ ਮੰਗ ਰਹੇ ਹਨ।
ਸ. ਰਾਜਪਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੋਣ ਦੇ ਨਾਤੇ ਸੂਬੇ ਦੇ ਹਰ ਵਰਗ ਦੀ ਆਵਾਜ਼ ਬਣੇਗਾ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰੇਕ ਵਰਗ ਨਾਲ ਮਿਲ-ਬੈਠ ਕੇ ਉਨ੍ਹਾਂ ਦੇ ਮਸਲੇ ਸੁਣੇ ਜਾਣਗੇ, ਗੱਲਬਾਤ ਰਾਹੀਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ‘ਧਰਨਾ ਮੁਕਤ ਪੰਜਾਬ’ ਬਣਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਟਕਰਾਅ ਨਹੀਂ, ਸੰਵਾਦ ਅਤੇ ਹੱਲ ਦੀ ਰਾਜਨੀਤੀ ਦੀ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਲੋਕਾਂ, ਮੁਲਾਜ਼ਮਾਂ, ਕਿਸਾਨਾਂ, ਵਪਾਰੀਆਂ ਅਤੇ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦੇ ਹਿੱਤਾਂ ਦੀ ਮਜ਼ਬੂਤ ਆਵਾਜ਼ ਬਣੇਗਾ।



