
ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮ ਵਰਗ ਦੀ ਨਹੀਂ ਸੁਣੀ ਜਾ ਰਹੀ: ਸ਼੍ਰੋਮਣੀ ਅਕਾਲੀ ਦਲ

ਜਲੰਧਰ, 27 ਅਗਸਤ 2026: ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮ ਵਰਗ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੇ ਕੀਤਾ।
ਰਾਜਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਸਰਕਾਰ ਹਰ ਵਰਗ ਦਾ ਭਲਾ ਕਰੇਗੀ, ਪਰ ਅੱਜ ਹਾਲਾਤ ਇਹ ਹਨ ਕਿ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਬਣਨ ਮੌਕੇ ਸਕੱਤਰੇਤ ਵਿੱਚ ਫੁੱਲਾਂ ਦੀ ਵਰਖਾ ਕਰਕੇ ਸਰਕਾਰ ਦਾ ਸਵਾਗਤ ਕੀਤਾ ਸੀ, ਅੱਜ ਉਹੀ ਮੁਲਾਜ਼ਮ ਆਪਣੇ ਹੱਕਾਂ ਲਈ ਧਰਨੇ ਦੇ ਰਹੇ ਹਨ ਅਤੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਕੋਈ ਗੈਰ-ਵਾਜਬ ਮੰਗ ਨਹੀਂ ਕਰ ਰਹੇ, ਸਗੋਂ ਆਪਣੇ ਬਣਦੇ ਹੱਕ, ਮਾਣ-ਸਨਮਾਨ, ਡੀਏ ਅਤੇ ਮਹਿੰਗਾਈ ਭੱਤੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁਲਾਜ਼ਮਾਂ ਨੂੰ ਸਮੇਂ-ਸਮੇਂ ’ਤੇ ਬਣਦਾ ਮਹਿੰਗਾਈ ਭੱਤਾ ਦਿੱਤਾ ਜਾਂਦਾ ਰਿਹਾ, ਪਰ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ।
ਰਾਜਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਗਰੰਟੀ ਦਿੱਤੀ ਗਈ ਸੀ। ਉਨ੍ਹਾਂ ਸਵਾਲ ਕੀਤਾ ਕਿ “ਕੇਜਰੀਵਾਲ ਦੀ ਪਹਿਲੀ ਗਰੰਟੀ ਕਿੱਥੇ ਗਈ? ਮੁਲਾਜ਼ਮਾਂ ਦਾ ਡੀਏ ਕਿੱਥੇ ਗਿਆ ਅਤੇ ਮਹਿੰਗਾਈ ਭੱਤਾ ਕਿੱਥੇ ਗਿਆ?”
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਵਿੱਤੀ ਹੱਕਾਂ ਸਬੰਧੀ ਅਦਾਲਤ ਵਿੱਚ ਵੀ ਸਰਕਾਰ ਨੂੰ ਹਦਾਇਤਾਂ ਅਤੇ ਟਿੱਪਣੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ’ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਦੇ ਹੱਕਾਂ ਨਾਲ ਸਬੰਧਤ ਮਸਲਿਆਂ ਨੂੰ ਵਾਰ-ਵਾਰ ਟਾਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਲੋਕਾਂ ਦੀ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਸਨ, ਪਰ ਅੱਜ ਮੁਲਾਜ਼ਮ ਵਰਗ ਪੁੱਛ ਰਿਹਾ ਹੈ ਕਿ ਉਹ ਵਾਅਦੇ ਕਿੱਥੇ ਗਏ। ਉਨ੍ਹਾਂ ਕਿਹਾ ਕਿ ਜਿਹੜਾ ਮੁਲਾਜ਼ਮ ਸਾਰਾ ਦਿਨ ਸਰਕਾਰੀ ਵਿਵਸਥਾ ਨੂੰ ਚਲਾਉਣ ਲਈ ਮਿਹਨਤ ਕਰਦਾ ਹੈ, ਉਸ ਦੇ ਹੱਕਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਰਾਜਪਾਲ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਡੀਏ ਸਬੰਧੀ ਕੀਤੀਆਂ ਟਿੱਪਣੀਆਂ ਵੀ ਮੁਲਾਜ਼ਮ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਬਣਦਾ ਮਹਿੰਗਾਈ ਭੱਤਾ ਦੇਣਾ ਕੋਈ ਅਹਿਸਾਨ ਨਹੀਂ, ਸਗੋਂ ਉਨ੍ਹਾਂ ਦਾ ਹੱਕ ਹੈ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਮੁਲਾਜ਼ਮ ਵਰਗ ਦੇ ਹੱਕਾਂ ਨੂੰ ਪਹਿਲ ਦੇ ਆਧਾਰ ’ਤੇ ਬਹਾਲ ਕਰਦਿਆਂ ਵੱਡੇ ਪੱਧਰ ’ਤੇ ਮਹਿੰਗਾਈ ਭੱਤਾ ਦੇਣ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਬੈਠਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰਨੇ ਚਾਹੀਦੇ ਹਨ।



